ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਅਗਸਤ
ਪੰਜਾਬ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿੱਚ ਪਹਿਲੀ ਆਜ਼ਾਦੀ ਦੀ ਲੜਾਈ ਤੋਂ ਵੀ ਪੁਰਾਣੇ ਮਕਾਨ ਵਿੱਚ ਰਹਿਣ ਸਬੰਧੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਮ ਲੋਕਾਂ ਵਰਗੀ ਜ਼ਿੰਦਗੀ ਜਿਉਣ ਦਾ ਦਾਅਵਾ ਕਰਦੇ ਸਨ ਪਰ ਚੋਣਾਂ ਜਿੱਤਣ ਮਗਰੋਂ ਉਨ੍ਹਾਂ ਆਪਣਾ ਅਸਲੀ ਰੰਗ ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਨੇ ਜਲੰਧਰ ਵਿੱਚ 11 ਏਕੜ ਰਕਬੇ ਵਿੱਚ 1857 ਦੀ ਪਹਿਲੀ ਆਜ਼ਾਦੀ ਦੀ ਲੜਾਈ ਤੋਂ ਵੀ ਪੁਰਾਣੇ ਬਣੇ ਮਕਾਨ ਵਿੱਚ ਰਹਿ ਕੇ ਆਲੀਸ਼ਾਨ ਸ਼ਾਹੀ ਜ਼ਿੰਦਗੀ ਜਿਉਣ ਦੇ ਆਪਣੇ ਸੁਪਨੇ ਨੂੰ ਪੂਰਾ ਕਰਨ ਲਈ ਤਿਆਰੀ ਕਰ ਲਈ ਹੈ।