ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 7 ਸਤੰਬਰ
ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਭਾਈ ਦਾਨ ਸਿੰਘ ਦੀ ਤਸਵੀਰ ਸਥਾਪਤ ਕੀਤੀ ਗਈ ਹੈ। ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਨਿਭਾਈ। ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਦਾਨ ਸਿੰਘ ਗੁਰੂ ਗੋਬਿੰਦ ਸਿੰਘ ਦੇ ਪਿਆਰੇ ਸਿੱਖ ਸਨ। ਉਨ੍ਹਾਂ ਨੇ ਮੁਕਤਸਰ ਦੀ ਜੰਗ ਮਗਰੋਂ ਗੁਰੂ ਸਾਹਿਬ ਪਾਸੋਂ ਤਨਖ਼ਾਹ ਲੈਣ ਦੀ ਬਜਾਇ ਸਿੱਖੀ ਦੀ ਦਾਤ ਮੰਗੀ ਸੀ। ਉਨ੍ਹਾਂ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਨੇ ਭਾਈ ਦਾਨ ਸਿੰਘ ਨੂੰ ਹੱਥੀਂ ਅੰਮ੍ਰਿਤ ਦੀ ਦਾਤ ਬਖਸ਼ਿਸ਼ ਕੀਤੀ ਸੀ।
ਉਨ੍ਹਾਂ ਨੇ ਸੰਗਤ ਨੂੰ ਭਾਈ ਦਾਨ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।