ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 17 ਮਾਰਚ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬ੍ਰੇਰੀ ਨੂੰ ਹੁਣ ਸਵੈਚਾਲਿਤ ਅਤੇ ਡਿਜੀਟਲ ਲਾਇਬ੍ਰੇਰੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ, ਜੋ ਵਿਸ਼ਵ ਪੱਧਰ ’ਤੇ ਹੋ ਰਹੀਆਂ ਤਬਦੀਲੀਆਂ ਦੇ ਅਨੁਕੂਲ ਹੋ ਗਈ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਨੇ ਉਦਘਾਟਨ ਮੌਕੇ ਕਿਹਾ ਕਿ ਉਹ ਇਕ ਸੁਪਨਾ ਲੈ ਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਬਣੇ ਸਨ ਕਿ ਇਸ ਯੂਨੀਵਰਸਿਟੀ ਨੂੰ ਵਿਸ਼ਵ ਦੀਆਂ ਯੂਨੀਵਰਸਿਟੀਆਂ ਵਿਚ ਸ਼ੁਮਾਰ ਕਰਨਾ ਹੈ, ਇਸ ਵਿੱਚ ਭਾਈ ਗੁਰਦਾਸ ਲਾਇਬ੍ਰੇਰੀ ਨੂੰ ਆਧੁਨਿਕ ਲੋੜਾਂ ਦੀ ਪੂਰਤੀ ਕਰਨ ਵਾਲਾ ਪ੍ਰਾਜੈਕਟ ਵੀ ਸ਼ਾਮਲ ਸੀ। ਡਾ. ਸੰਧੂ ਨੇ ਕਿਹਾ ਕਿ ਲਾਇਬ੍ਰੇਰੀ ਨੂੰ 21ਵੀਂ ਸਦੀ ਦੇ ਸਿਖਿਆਰਥੀਆਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਮੁੜ ਡਿਜ਼ਾਈਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵੀ ਵਿਦਿਆਰਥੀ ਵੀਡੀਓਜ਼ ਅਤੇ ਈ-ਸਮੱਗਰੀ ਦੀ ਖੋਜ ਕਰਨ ਵਿੱਚ ਵਧੇਰੇ ਦਿਲਚਸਪੀ ਰੱਖਦੇ ਹਨ, ਉਨ੍ਹਾਂ ਲਈ 100 ਕੰਪਿਊਟਰਾਂ ਵਾਲੇ ਡਿਜੀਟਲ ਲੌਂਜ ਦੀ ਵੀ ਸਥਾਪਨਾ ਹੋ ਗਈ ਹੈ, ਜਿਸ ਦੀ ਵਰਤੋਂ ਨਾਲ ਈ-ਸਰੋਤ, ਈ-ਜਰਨਲ ਅਤੇ ਈ-ਬੁੱਕ ਤਕ ਪਹੁੰਚ ਆਸਾਨ ਹੋ ਜਾਵੇਗੀ।