ਚੰਡੀਗੜ੍ਹ (ਟਨਸ): ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੈਸਰਜ਼ ਭਾਈ ਲਹਿਣਾ ਜੀ ਰਾਈਸ ਮਿੱਲਜ਼, ਬਰੀਵਾਲਾ ਦੀ ਝੋਨੇ ਦੀ ਅਲਾਟਮੈਂਟ ਰੱਦ ਕਰਦੇ ਹੋਏ ਮਿੱਲ ਨੂੰ ਤਿੰਨ ਸਾਲ ਲਈ ਬਲੈਕ ਲਿਸਟ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਵਿਜੀਲੈਂਸ ਟੀਮ ਨੇ ਉਪਰੋਕਤ ਮਿੱਲ ਦੇ ਝੋਨੇ ਦੇ ਸਟਾਕ ਦੀ ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਮਿੱਲ ਵਿੱਚ 8000 ਬੋਰੀਆਂ (3000 ਕੁਇੰਟਲ) ਝੋਨਾ ਵੱਧ ਹੈ, ਜਿਸ ਦੀ ਸਰਕਾਰੀ ਕੀਮਤ 75 ਲੱਖ ਰੁਪਏ ਬਣਦੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮਾਰਕਫੈੱਡ ਵੱਲੋਂ ਵੱਖ-ਵੱਖ ਖ਼ਰੀਦ ਕੇਂਦਰਾਂ ਤੋਂ ਮਿੱਲ ਵਿੱਚ ਭੇਜੇ ਗਏ ਝੋਨੇ ਅਤੇ ਮਿੱਲ ਵਿੱਚ ਸਥਾਪਤ ਆਰਜ਼ੀ ਖ਼ਰੀਦ ਕੇਂਦਰ ਵਿੱਚ ਪਏ ਸਟਾਕ ਦਾ ਮਿਲਾਣ ਕਰਨ ’ਤੇ ਉਪਰੋਕਤ ਬੇਨਿਯਮੀਆਂ ਸਾਹਮਣੇ ਆਈਆਂ। ਮਿੱਲ ਵਿੱਚ 5,539 ਤੇ ਆਰਜ਼ੀ ਖ਼ਰੀਦ ਕੇਂਦਰ ਵਿੱਚ 2,461 ਬੋਰੀਆਂ ਝੋਨਾ ਵੱਧ ਪਾਇਆ ਗਿਆ।