ਲਖਵੀਰ ਸਿੰਘ ਚੀਮਾ
ਟੱਲੇਵਾਲ, 11 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਸੂਬਾ ਪੱਧਰੀ ਮੀਟਿੰਗ ਅੱਜ ਪਿੰਡ ਭੋਤਨਾ ਦੇ ਗੁਰਦੁਆਰਾ ਸਾਹਿਬ ਵਿਖੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਸ਼ਾਮਲ ਹੋਏ। ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੀਟਿੰਗ ਸਬੰਧੀ ਦੱਸਿਆ ਕਿ ਵਿਚਾਰ ਚਰਚਾ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਭਾਜਪਾ ਦੀ ਮੋਦੀ ਹਕੂਮਤ ਵਲੋਂ ਹਿੰਦੂ ਫਾਸੀਵਾਦੀ ਨੀਤੀ ਤਹਿਤ ਝੂਠੇ ਮਨਘੜਤ ਕੇਸਾਂ ਵਿੱਚ ਸਾਲਾਂਬੱਧੀ ਜੇਲ੍ਹਾਂ ਵਿੱਚ ਡੱਕੇ ਬੇਦੋਸ਼ੇ ਬੁੱਧੀਜੀਵੀਆਂ ਤੇ ਜਮਹੂਰੀ ਕਾਰਕੁਨਾਂ ਦੇ ਹੱਕ ਵਿੱਚ ਜ਼ੋਰਦਾਰ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਦੀ ਬਗ਼ੈਰ ਸ਼ਰਤ ਰਿਹਾਈ ਲਈ 14 ਤੋਂ 19 ਜੂਨ ਤੱਕ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾਣਗੀਆਂ।