ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 12 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੈਪਸੀਕੋ ਇੰਡੀਅਨ ਹੋਲਡਿੰਗਜ਼ ਵਰਕਰਜ਼ ਯੂਨੀਅਨ ਚੰਨੋਂ ਵੱਲੋਂ ਤਿੰਨ ਖੇਤੀ ਕਾਨੂੰਨਾਂ ਅਤੇ ਹਾਥਰਸ ਵਿੱਚ ਦਲਿਤ ਲੜਕੀ ਦੇ ਸਮੂਹਿਕ ਬਲਾਤਕਾਰ ਬਾਅਦ ਕਤਲ ਕਰਨ ਦੀ ਘਿਨਾਉਣੀ ਵਾਰਦਾਤ ਖਿਲਾਫ ਬਲਾਕ ਦੇ 15 ਪਿੰਡਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਟੌਲ ਪਲਾਜ਼ਾ ਕਾਲਾਝਾੜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਅਨਾਥ ਦਾ ਪੁਤਲਾ ਫੂਕਿਆ ਗਿਆ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਗਤਾਰ ਸਿੰਘ ਕਾਲਾਝਾੜ, ਮਨਜੀਤ ਸਿੰਘ ਘਰਾਚੋਂ, ਹਰਜਿੰਦਰ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ ਅਤੇ ਪੈਪਸੀਕੋ ਵਰਕਰਜ਼ ਯੂਨੀਅਨ ਦੇ ਪ੍ਰਧਾਨ ਸੁਖਚੈਨ ਸਿੰਘ, ਕ੍ਰਿਸ਼ਨ ਸਿੰਘ ਭੜੋ ਤੇ ਰਾਜਵੀਰ ਸਿੰਘ ਬਾਲਦ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਕਾਨੂੰਨ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਖਿਲਾਫ਼ ਹਨ। ਉਨ੍ਹਾਂ ਕਿਹਾ ਕਿ ਕਿਰਤ ਕਾਨੂੰਨਾਂ ਸਮੇਤ ਸਮੂਹ ਕਾਲੇ ਕਾਨੂੰਨਾਂ ਨਾਲ ਲੋਕਾਂ ਦੀ ਕਿਰਤ ’ਤੇ ਡਾਕੇ ਮਾਰਨ ਵਾਲੇ ਕੇਂਦਰੀ ਹਾਕਮਾਂ ਨੂੰ ਪੰਜਾਬ ਦੇ ਲੋਕ ਨਹੀਂ ਬਖਸ਼ਣਗੇ।
ਬੁਲਾਰਿਆਂ ਨੇ ਕਿਹਾ ਕਿ ਯੂਪੀ ਦੇ ਹਾਥਰਸ ਵਿੱਚ ਮਾਸੂਮ ਦਲਿਤ ਲੜਕੀ ਨਾਲ ਹੋਏ ਕਥਿਤ ਸਮੂਹਿਕ ਬਲਾਤਕਾਰ ਤੇ ਕਤਲ ਦੀ ਘਿਨਾਉਣੀ ਵਾਰਦਾਤ ਗੁੰਡਾ ਗ੍ਰੋਹ ਅਤੇ ਭਾਜਪਾ ਸਰਕਾਰ ਦੀ ਮਿਲੀਭੁਗਤ ਦਾ ਨਤੀਜਾ ਹੈ। ਉਨ੍ਹਾਂ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਉਨ੍ਹਾਂ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕਰਕੇ ਲੋਕਾਂ ਨੂੰ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ। ਯੂਨੀਅਨ ਵੱਲੋਂ ਰਿਲਾਇੰਸ ਪੰਪ ਬਾਲਦ ਕਲਾਂ ਵਿੱਚ ਵੀ ਧਰਨਾ ਜਾਰੀ ਰੱਖਿਆ ਗਿਆ।
ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਨੇ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ’ਤੇ ਟੌਲ ਪਲਾਜ਼ਾ ਮਾਝੀ ਵਿੱਚ ਬਾਰ੍ਹਵੇਂ ਦਿਨ ਵੀ ਧਰਨਾ ਜਾਰੀ ਰੱਖਿਆ। ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਕਰਮ ਸਿੰਘ ਬਲਿਆਲ, ਬਲਾਕ ਜਨਰਲ ਸਕੱਤਰ ਸੁਖਦੇਵ ਸਿੰਘ ਬਾਲਦ ਕਲਾਂ, ਰਣਧੀਰ ਸਿੰਘ ਭੱਟੀਵਾਲ, ਅੰਗਰੇਜ ਸਿੰਘ, ਬੁੱਧ ਸਿੰਘ ਬਾਲਦ ਅਤੇ ਨਛੱਤਰ ਸਿੰਘ ਝਨੇੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।