ਰਮੇਸ਼ ਭਾਰਦਵਾਜ
ਲਹਿਰਾਗਾਗਾ,19 ਮਈ
ਇਥੇ ਰਿਲਾਇੰਸ ਪੰਪ ਅੱਗੇ ਕਾਲੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ਼ ਚੱਲ ਰਹੇ ਮੌਜੂਦਾ ਕਿਸਾਨੀ ਘੋਲ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਧਰਨਾ 230ਵੇਂ ਬਾਦਸਤੂਰ ਜਾਰੀ ਹੈ। ਧਰਨਾਕਾਰੀ ਨਾਅਰੇਬਾਜ਼ੀ ਕਰਕੇ ਕੇਂਦਰ ਸਰਕਾਰ ਆਪਣਾ ਅੜਬ ਰਵੱਈਆ ਤਿਆਗ ਕੇ ਕਿਸਾਨਾਂ ਦੀ ਗੱਲ ਸੁਣਨ ਅਤੇ ਖੇਤ ਵਿਰੋਧੀ ਲੋਕ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਧਰਨੇ ਮੌਕੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਹੋਰਨਾ ਸੂਬਿਆਂ ਦੇ ਕਿਰਤੀ ਕਿਸਾਨ ਛੇ ਮਹੀਨਿਆਂ ਤੋਂ ਪੱਕੇ ਮੋਰਚੇ ਲਾਈ ਬੈਠੇ ਹਨ ਪਰ ਭਾਜਪਾ ਦੀ ਮੋਦੀ ਸਰਕਾਰ ਹਾਲੇ ਵੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਮੋਰਚੇ ਵਿਚ ਕਿਸਾਨਾਂ ਮਜ਼ਦੂਰਾਂ ਦੀ ਗਿਣਤੀ ਵਧਾਉਣ ਲਈ ਪਿੰਡਾਂ ਵਿੱਚ ਮੀਟਿੰਗਾਂ ਰੈਲੀਆਂ ਕੀਤੀਆਂ ਜਾ ਰਹੀਆਂ ਹਨ।