ਜੋਗਿੰਦਰ ਸਿੰਘ ਮਾਨ
ਮਾਨਸਾ, 13 ਅਕਤੂਬਰ
ਖੇਤੀ ਕਾਨੂੰਨਾਂ ਦੇ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵਲੋਂ ਰੇਲਵੇ ਲਾਈਨਾਂ ਉਪਰ ਲਗਾਤਾਰ ਦਿੱਤੇ ਜਾ ਰਹੇ ਧਰਨਿਆਂ ਨੂੰ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਚੁੱਕਣ ਦਾ ਫੈਸਲਾ ਕੀਤਾ ਗਿਆ ਹੈ। ਇਹ ਫੈਸਲਾ ਫਿਲਹਾਲ ਇਕੱਲੀ ਜਥੇਬੰਦੀ ਦਾ ਦੱਸਿਆ ਜਾ ਰਿਹਾ ਹੈ, ਜਦੋਂ ਕਿ ਦੂਜੀਆਂ ਧਿਰਾਂ ਵਲੋਂ ਕਿਸਾਨੀ ਸੰਘਰਸ਼ ਸਬੰਧੀ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਜਾ ਰਹੀ ਮੀਟਿੰਗ ਦੌਰਾਨ ਵਿਚਾਰਕੇ ਹੀ ਕੋਈ ਫੈਸਲਾ ਲਿਆ ਜਾਵੇਗਾ।
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਜਥੇਬੰਦੀ ਦੀ ਸੂਬਾਈ ਕਮੇਟੀ ਦੇ ਫ਼ੈਸਲੇ ਅਨੁਸਾਰ ਹੀ ਅੱਜ ਰੇਲਵੇ ਲਾਈਨਾਂ ਤੋਂ ਧਰਨੇ ਉਠਾ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਕਿਸਾਨ ਹਿਤਾਂ ਲਈ ਕਾਫ਼ੀ ਸੋਚ ਵਿਚਾਰ ਕੇ ਹੀ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਬਾਕੀ ਸਾਰੇ ਸੰਘਰਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਦੱਸਿਆਂ ਕਿ ਰਿਲਾਇੰਸ ਦੇ ਪੰਪਾਂ, ਸ਼ਾਪਿੰਗ ਮਾਲ, ਥਰਮਲ ਪਲਾਂਟ, ਭਾਜਪਾ ਨੇਤਾਵਾਂ ਦੇ ਘਰਾਂ ਦਾ ਘਿਰਾਓ, ਟੌਲ ਪਲਾਜ਼ਿਆ ਉਪਰ ਧਰਨੇ ਅਤੇ ਘਿਰਾਓ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਧਰਨੇ ਰੇਲਵੇ ਰਾਹੀਂ ਆਉਂਦੇ ਬਾਰਦਾਨੇ, ਕੋਲੇ, ਡੀਏਪੀ ਅਤੇ ਯੂਰੀਆ ਖਾਦ ਸਮੇਤ ਹੋਰ ਮੁਨੱਖੀ ਲੋੜਾਂ ਦੀ ਪੂਰਤੀ ਲਈ ਆਉਂਦੇ ਸਾਮਾਨ ਨੂੰ ਮੁੱਖ ਰੱਖਦਿਆਂ ਹੀ ਉਠਾਏ ਜਾ ਰਹੇ ਹਨ।