ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਜਨਵਰੀ
ਇਥੋਂ ਨੇੜਲੇ ਪਿੰਡ ਬਟੜਿਆਣਾ ਤੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਦਿੱਲੀ ਸੰਘਰਸ਼ ਵਿਚ ਸ਼ਮੂਲੀਅਤ ਕਰਨ ਲਈ ਰਵਾਨਾ ਹੋਣ ਸਮੇਂ ਕਿਸਾਨ ਰਾਮ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੇ ਪੁੱਤਰ ਚਮਕੌਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਦਿੱਲੀ ਧਰਨੇ ਤੋਂ ਕੁੱਝ ਦਿਨ ਪਹਿਲਾਂ ਹੀ ਪਰਤੇ ਸਨ ਅਤੇ ਆਪਣੇ ਪਰਿਵਾਰ ਨੂੰ ਮਿਲਣ ਤੋਂ ਬਾਅਦ ਹੁਣ ਦੁਬਾਰਾ ਫਿਰ ਪਿੰਡ ਦੇ ਕਿਸਾਨਾਂ ਨਾਲ ਟਰੈਕਟਰ-ਟਰਾਲੀ ਵਿਚ ਸਾਮਾਨ ਲੱਦ ਕੇ ਧਰਨੇ ਵਿੱਚ ਸ਼ਾਮਲ ਹੋਣ ਲਈ ਦਿੱਲੀ ਨੂੰ ਰਵਾਨਾ ਹੋ ਰਹੇ ਸਨ ਕਿ ਉਹ ਅਚਾਨਕ ਚੱਕਰ ਆ ਕੇ ਜ਼ਮੀਨ ’ਤੇ ਡਿੱਗ ਪਏ। ਇਸ ਦੌਰਾਨ ਉਨ੍ਹਾਂ ਨੂੰ ਇਲਾਜ ਲਈ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਰਾਮ ਸਿੰਘ ਪਹਿਲਾਂ ਟੌਲ ਪਲਾਜ਼ਾ ਕਾਲਾਝਾੜ ਵਿਖੇ ਪੱਕੇ ਧਰਨੇ ਅਤੇ ਹੁਣ ਦਿੱਲੀ ਅੰਦੋਲਨ ਵਿਚ ਆਪਣਾ ਯੋਗਦਾਨ ਪਾ ਰਹੇ ਸਨ । ਉਨ੍ਹਾਂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦੇਣ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ ਦੀ ਮੰਗ ਕੀਤੀ।