ਪਾਲ ਸਿੰਘ ਨੌਲੀ
ਜਲੰਧਰ, 24 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਰਟੀ ਨਸ਼ਿਆਂ ਦੇ ਇੱਕੋ ਇੱਕ ਏਜੰਡੇ ਨੂੰ ਮੁੱਖ ਰੱਖ ਕੇ ਚੋਣ ਲੜੇਗੀ। ਅਬਾਦਪੁਰ, ਭਾਰਗੋਂ ਕੈਂਪ ਤੇ ਹੋਰ ਨਾਲ ਲੱਗਦੇ ਖੇਤਰਾਂ ਵਿੱਚ ਮੁਹੱਲਾ ਮੀਟਿੰਗਾਂ ਕਰਨ ਤੋਂ ਬਾਅਦ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਨਸ਼ਾ ਇਸ ਹਲਕੇ ਦੇ ਲੋਕਾਂ ਨੂੰ ਮਾਨਸਿਕ ਤੌਰ ’ਤੇ ਗੁਲਾਮ ਬਣਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਹਲਕੇ ਵਿੱਚ ਕੁਝ ਲੋਕਾਂ ਨੇ ਦੱਸਿਆ ਕਿ 10 ਤੋਂ 12 ਸਾਲ ਦੇ ਬੱਚੇ ਵੀ ਨਸ਼ਿਆਂ ਦੇ ਆਦੀ ਹੋ ਰਹੇ ਹਨ ਤੇ ਇਹ ਵਰਤਾਰਾ ਤੇਜ਼ੀ ਨਾਲ ਫੈਲ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਗੱਲ ਹੁੰਦੀ ਰਹਿੰਦੀ ਹੈ ਪਰ ਜੋ ਹਾਲਾਤ ਉਨ੍ਹਾਂ ਨੇ ਜਲੰਧਰ ਪੱਛਮੀ ਹਲਕੇ ਵਿੱਚ ਆ ਕੇ ਦੇਖੇ ਹਨ ਉਨ੍ਹਾਂ ਦੀ ਰੂਹ ਕੰਬ ਗਈ ਹੈ। ਉਨ੍ਹਾਂ ਸਵਾਲ ਕੀਤਾ ਕਿ ਇਸ ਹਲਕੇ ਵਿੱਚ ਨਸ਼ਾ ਰਾਜਨੀਤਿਕ ਲੀਡਰਾਂ ਦੀ ਸਰਪ੍ਰਸਤੀ ਅਤੇ ਪੁਲੀਸ ਦੀ ਸ਼ਹਿ ਤੋਂ ਬਗੈਰ ਵਿਕ ਹੀ ਨਹੀਂ ਸਕਦਾ। ਬੀਬੀ ਜਗੀਰ ਕੌਰ ਨੇ ਨੁਕੜ ਚੋਣ ਮੀਟਿੰਗ ਵਿੱਚ ਹਾਜ਼ਰ ਲੋਕਾਂ ਨੂੰ ਪ੍ਰਣ ਦੁਆਇਆ ਕਿ ਉਹ ਚੋਣਾਂ ਤੋਂ ਬਾਅਦ ਵੀ ਨਸ਼ਿਆਂ ਵਿਰੁੱਧ ਜੰਗ ਜਾਰੀ ਰੱਖਣਗੇ। ਬੀਬੀ ਜਗੀਰ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਚੋਣ ਪ੍ਰਚਾਰ ਦੌਰਾਨ ਜਲੰਧਰ ਰਹਿਣਾ ਹੈ ਕੀ ਉਹ ਏਨਾ ਜਿਗਰਾ ਰੱਖਦੇ ਹਨ ਕਿ ਜਲੰਧਰ ਪੱਛਮੀ ਹਲਕੇ ਵਿੱਚ ਨਸ਼ਾ ਵਿਕਾਉਣ ਵਾਲੇ ਆਗੂਆਂ ਦਾ ਨਾਂਅ ਜਨਤਕ ਕਰ ਸਕਣ।