ਦਰਸ਼ਨ ਸਿੰਘ ਸੋਢੀ
ਮੁਹਾਲੀ, 10 ਮਈ
ਪੰਜਾਬ ਤੇ ਹਰਿਆਣਾ ਹਈ ਕੋਰਟ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਆਗੂ ਤੇਜਿੰਦਰਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਬੱਗਾ ਵਿਰੁੱਧ ਮੁਹਾਲੀ ਸਥਿਤ ਪੰਜਾਬ ਪੁਲੀਸ ਦੇ ਸਟੇਟ ਸਾਈਬਰ ਸੈੱਲ ਥਾਣੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ। ਮੁਹਾਲੀ ਪੁਲੀਸ ਨੇ ਇਸ ਮਾਮਲੇ ਵਿੱਚ ਉਸ ਦੀ ਗ੍ਰਿਫ਼ਤਾਰੀ ਪਾ ਲਈ ਸੀ ਪਰ ਕੁੱਝ ਘੰਟਿਆਂ ਮਗਰੋਂ ਦਿੱਲੀ ਪੁਲੀਸ ਨੇ ਉਸ ਨੂੰ ਜਬਰਦਸਤੀ ਰਿਹਾਅ ਕਰਵਾ ਲਿਆ ਸੀ, ਜਿਥੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੀ ਆਪ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ, ਉੱਥੇ ਸਰਕਾ ਦੀ ਪੁਲੀਸ ਦੇ ਕੰਮ ਦੀ ਸਿੱਧੀ ਦਖ਼ਲਅੰਦਾਜ਼ੀ ਕਰਨ ’ਤੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਪਿਛਲੇ ਦਿਨੀਂ ਮੁਹਾਲੀ ਅਦਾਲਤ ਨੇ ਬੱਗਾ ਦੇ ਗ੍ਰਿਫ਼ਤਾਰੀ ਵਰੰਟ ਜਾਰੀ ਕੀਤੇ ਗਏ ਸੀ ਪਰ ਉਸੇ ਰਾਤ ਭਾਜਪਾ ਆਗੂ ਨੇ ਹਾਈ ਕੋਰਟ ਦਾ ਬੂਹਾ ਖੜਕਾਉਂਦਿਆਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਅਤੇ ਉੱਚ ਅਦਾਲਤ ਨੇ ਰਾਤ ਨੂੰ ਹੀ ਇਸ ਕੇਸ ਦੀ ਸੁਣਵਾਈ ਕਰਦਿਆਂ ਬੱਗਾ ਦੀ ਗ੍ਰਿਫ਼ਤਾਰੀ ’ਤੇ ਅੱਜ ਤੱਕ (10 ਮਈ) ਰੋਕ ਲਗਾਈ ਗਈ ਸੀ। ਅੱਜ ਅਦਾਲਤ ਨੇ ਭਾਜਪਾ ਆਗੂ ਨੂੰ ਵੱਡੀ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ’ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।