ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਦਸੰਬਰ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਆਪਣੀ ਚੁੱਪ ਤੋੜਦਿਆਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਰਪ੍ਰਸਤ ਰਣਜੀਤ ਸਿੰਘ ਬ੍ਰਹਮਪੁਰਾ ਨੇ ਭਾਜਪਾ ਤੇ ਬਾਦਲ ਪਰਿਵਾਰ ਕੋਲ ਪੰਥ ਅਤੇ ਪੰਜਾਬ ਨੂੰ ਵੇਚ ਦਿੱਤਾ ਹੈ। ਇਸ ਲਈ ਹੁਣ ਉਨ੍ਹਾਂ ਦਾ ਅਕਾਲੀ ਦਲ (ਸੰਯੁਕਤ) ਵਿੱਚ ਰਹਿਣ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਢੀਂਡਸਾ ਅਤੇ ਬ੍ਰਹਮਪੁਰਾ ਨੇ ਪੰਜਾਬ, ਪੰਜਾਬੀਅਤ ਅਤੇ ਪੰਥ ਨਾਲ ਵਿਸ਼ਵਾਸਘਾਤ ਕੀਤਾ ਹੈ, ਉੱਥੇ ਕੁਝ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਨੇ ਕਿਸਾਨ ਆਗੂਆਂ ਨੂੰ ਸਵਾਲ ਕੀਤਾ ਕਿ ਪਹਿਲਾਂ ਉਹ ਸਿਆਸਤ ਤੋਂ ਕਿਨਾਰਾਕਸ਼ੀ ਦਾ ਦਾਅਵਾ ਕਰਦੇ ਰਹੇ ਤੇ ਹੁਣ ਕਿਸਾਨ ਆਗੂਆਂ ’ਤੇ ਉਸੇ ਹੀ ਸੱਤਾ ਦੀ ਸਿਆਸਤ ਦਾ ਸਿਆਸੀ ਰੰਗ ਕਿਉਂ ਚੜ੍ਹਨਾ ਸ਼ੁਰੂ ਹੋ ਗਿਆ ਹੈ।