ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਨਵੰਬਰ
ਸੰਯੁਕਤ ਕਿਸਾਨ ਮੋਰਚੇ ਨੇ ਭਲਕੇ 15 ਨਵੰਬਰ ਨੂੰ ਸੰਘਰਸ਼ੀ ਅਖਾੜਿਆਂ ’ਤੇ ਆਦਿਵਾਸੀ ਨਾਇਕ ਅਤੇ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਦਾ ਜਨਮ ਦਿਨ ਮਨਾਉਣ ਦਾ ਐਲਾਨ ਕੀਤਾ ਹੈ। ਆਗੂੁਆਂ ਨੇ ਦੱਸਿਆ ਕਿ ਬਿਰਸਾ ਮੁੰਡਾ ਨੇ ਬ੍ਰਿਟਿਸ਼ ਰਾਜ ਖ਼ਿਲਾਫ਼ ਇੱਕ ਆਦਿਵਾਸੀ ਵਿਦਰੋਹ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਦੌਰਾਨ ਭਾਰਤ ਸਰਕਾਰ ਜੰਗਲਾਤ ਸੰਭਾਲ ਕਾਨੂੰਨ 1980 ਵਿੱਚ ਸੋਧਾਂ ਬਾਰੇ ਵਿਚਾਰ ਕਰ ਰਹੀ ਹੈ, ਜੋ ਆਦਿਵਾਸੀਆਂ ਅਤੇ ਜੰਗਲ ਵਾਸੀਆਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਲਈ ਨੁਕਸਾਨਦੇਹ ਹੋਵੇਗਾ। ਉਨ੍ਹਾਂ ਕੇਂਦਰ ਸਰਕਾਰ ਦੇ ਲੋਕ ਵਿਰੋਧੀ ਮਨਸੂਬਿਆਂ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੱਤਾ। ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 22 ਨਵੰਬਰ ਨੂੰ ਲਖਨਊ ਵਿੱਚ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਲਈ ਤਿਆਰੀਆਂ ਜ਼ੋਰਾਂ ’ਤੇ ਹਨ, ਜਿਸ ਤਹਿਤ ਉੱਤਰ ਪ੍ਰਦੇਸ਼ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਪਿੰਡ ਪੱਧਰੀ ਲਾਮਬੰਦੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਦੱਸਿਆ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਵਿੱਚ ਇੱਕ ਸਰਕਾਰੀ ਨਿੱਜੀ ਅਦਾਰੇ ਨੂੰ ਸੌਂਪਣ ਖ਼ਿਲਾਫ਼ 25 ਦਿਨਾਂ ਤੋਂ ਪ੍ਰਦਰਸ਼ਨ ਜਾਰੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵੱਲੋਂ ਧਰਨੇ ਦੀ ਅਗਵਾਈ ਕਰ ਰਹੀਆਂ ਕਿਸਾਨ ਜਥੇਬੰਦੀਆਂ ਖ਼ਿਲਾਫ਼ ਬਿਆਨਬਾਜ਼ੀ ਕਰਨ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਚੌਟਾਲਾ ਦਾ ਇਹ ਕਹਿਣਾ ਬਿਲਕੁਲ ਗਲਤ ਹੈ ਕਿ ਹਰਿਆਣਾ ਸਰਕਾਰ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਮੋਦੀ ਸਰਕਾਰ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਬਾਰੇ ਸੀ। ਆਗੂਆਂ ਨੇ ਉੱਪ ਮੁੱਖ ਮੰਤਰੀ ਨੂੰ ਅਪਮਾਨਜਨਕ ਤੇ ਝੂਠੀਆਂ ਟਿੱਪਣੀਆਂ ਤੋਂ ਗੁਰੇਜ਼ ਕਰਨ ਲਈ ਕਿਹਾ।