ਗਗਨਦੀਪ ਅਰੋੜਾ
ਲੁਧਿਆਣਾ, 12 ਮਈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਸਬੰਧੀ ਸੱਦੇ ਗਏ ਪੰਥਕ ਇਕੱਠ ਦੌਰਾਨ ਸਾਰੀਆਂ ਸਿੱਖ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਜਾਰੀ ਕੀਤੇ ਹੁਕਮਾਂ ’ਤੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸਵਾਲ ਖੜ੍ਹੇ ਕੀਤੇ ਹਨ। ਜਾਰੀ ਕੀਤੀ ਗਈ ਵੀਡੀਓ ਵਿੱਚ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਬਿੱਟੂ ਨੇ ਕਿਹਾ ਕਿ ਜਦੋਂ ਕੇਂਦਰ ’ਚ ਹਰਸਿਮਰਤ ਕੌਰ ਬਾਦਲ ਮੰਤਰੀ ਸਨ, ਉਸ ਸਮੇਂ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਦਾ ਮਾਮਲਾ ਕਿਉਂ ਨਹੀਂ ਚੁੱਕਿਆ। ਬਿੱਟੂ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ’ਚ ਕੀਤੀ ਮੀਟਿੰਗ ਦੌਰਾਨ, ਜੋ ਮਤੇ ਪਸ਼ੇ ਕੀਤੇ ਗਏ ਹਨ, ਉਸ ’ਤੇ ਸੁਖਬੀਰ ਬਾਦਲ ਆਪਣਾ ਸਟੈਂਡ ਸਪੱਸ਼ਟ ਕਰਨ। ਸੁਖਬੀਰ ਬਾਦਲ ਸਾਫ਼ ਕਰਨ ਕਿ ਉਹ ਪੰਜਾਬ ਅਤੇ ਦੇਸ਼ ਦੇ ਨਾਲ ਹਨ ਜਾਂ ਖਾਲਿਸਤਾਨ ਦੇ ਨਾਲ।
ਬਿੱਟੂ ਨੇ ਕਿਹਾ ਕਿ ਸੁਖਬੀਰ ਬਾਦਲ ਅਤੇ ਉਨ੍ਹਾਂ ਦੇ ਨਾਲ, ਜੋ ਸਿਆਸੀ ਆਗੂ ਹਨ, ਉਹ ਬੰਦੀ ਸਿੱਖ ਕੈਦੀਆਂ ਦੇ ਨਾਮ ’ਤੇ ਰਾਜਨੀਤੀ ਕਰਨੀ ਬੰਦ ਕਰਨ। ਬਿੱਟੂ ਨੇ ਕਿਹਾ ਕਿ ਹੁਣ ਇਨ੍ਹਾਂ ਸਾਰੇ ਆਗੂਆਂ ਨੂੰ ਪਤਾ ਹੈ ਕਿ ਕੁਰਸੀ ਇਨ੍ਹਾਂ ਦੇ ਹੱਥ ’ਚੋਂ ਨਿਕਲ ਚੁੱਕੀ ਹੈ, ਜਿਸ ਕਾਰਨ ਇਹ ਸਾਰੇ ਇਕੱਠੇ ਹੋ ਰਹੇ ਹਨ।