ਚਰਨਜੀਤ ਭੁੱਲਰ
ਚੰਡੀਗੜ੍ਹ, 4 ਅਪਰੈਲ
ਭਾਜਪਾ ਖ਼ਿਲਾਫ਼ ਹਮੇਸ਼ਾ ਹਮਲਾਵਰ ਰਹੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ, ਜਿਸ ਨੂੰ ਸਿਆਸੀ ਹਲਕੇ ਟੇਢੀ ਨਜ਼ਰ ਨਾਲ ਵੇਖ ਰਹੇ ਹਨ। ਰਵਨੀਤ ਬਿੱਟੂ ਨੇ ਅੱਜ ਟਵੀਟ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਹੋਣ ਦੀ ਗੱਲ ਆਖੀ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਦੇ ਮੁੱਦਿਆਂ ਸਬੰਧੀ ਪ੍ਰਧਾਨ ਮੰਤਰੀ ਨਾਲ ਚਰਚਾ ਕੀਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਸਥਾਈ ਪ੍ਰਤੀਨਿਧਤਾ ਖਤਮ ਕਰਨ, ਕੇਂਦਰੀ ਸਿਵਲ ਸਰਵਿਸਿਜ਼ ਰੂਲਜ਼ ਨੂੰ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਲਾਗੂ ਕਰਨਾ ਅਤੇ ਹੁਣ ਚੰਡੀਗੜ੍ਹ ਦਾ ਉੱਠਿਆ ਮਸਲਾ ਵੀ ਪ੍ਰਧਾਨ ਮੰਤਰੀ ਨਾਲ ਹੋਈ ਮੀਟਿੰਗ ’ਚ ਗੱਲਬਾਤ ਦਾ ਹਿੱਸਾ ਹੋ ਸਕਦਾ ਹੈ। ਰਵਨੀਤ ਬਿੱਟੂ ਨੇ ਪ੍ਰਧਾਨ ਮੰਤਰੀ ਨਾਲ ਹੋਈ ਗੱਲਬਾਤ ਵਿੱਚ ਚੁੱਕੇ ਗਏ ਪੰਜਾਬ ਦੇ ਮੁੱਦਿਆਂ ਬਾਰੇ ਕੋਈ ਵਿਸਥਾਰ ਨਾਲ ਜਾਣਕਾਰੀ ਨਹੀਂ ਦਿੱਤੀ ਹੈ। ਜ਼ਿਕਰਯੋਗ ਹੈ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਿਰੋਜ਼ਪੁਰ ਰੈਲੀ ਮੌਕੇ ਅੱਧੇ ਰਸਤੇ ’ਚੋਂ ਹੀ ਵਾਪਸ ਚਲੇ ਗਏ ਸਨ ਤਾਂ ਉਦੋਂ ਰਵਨੀਤ ਬਿੱਟੂ ਨੇ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਸੀ ਕਿ ਇਹ ਤਾਂ ਛੋਟਾ ਜੇਹਾ ਟਰੇਲਰ ਹੀ ਹੈ, ਜੋ ਭਗਵਾਨ ਨੇ ਪ੍ਰਧਾਨ ਮੰਤਰੀ ਅਤੇ ਭਾਜਪਾ ਨੂੰ ਦਿਖਾਇਆ ਹੈ। ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਬੀਤੇ ਦਿਨੀਂ ਕੇਂਦਰੀ ਵਜ਼ੀਰਾਂ ਨੂੰ ਮਿਲ ਚੁੱਕੇ ਹਨ। ਦੱਸਣਯੋਗ ਹੈ ਕਿ ਆਗਾਮੀ ਲੋਕ ਸਭਾ ਚੋਣਾਂ ਨੇੜੇ ਆਉਣ ਕਾਰਨ ਪੰਜਾਬ ਦੇ ਸੰਸਦ ਮੈਂਬਰਾਂ ਨੇ ਸਰਗਰਮੀਆਂ ਵਧਾ ਦਿੱਤੀਆਂ ਹਨ।