ਗਗਨਦੀਪ ਅਰੋੜਾ
ਲੁਧਿਆਣਾ, 15 ਦਸੰਬਰ
ਇੱਥੇ ਅੱਜ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਬਾਰੇ ਬੋਲਦਿਆਂ ਕਿਹਾ ਕਿ ਜੋ ਕਿਸਾਨ ਦੇਸ਼ ਦੇ ਲਈ ਅੰਨ ਪੈਦਾ ਕਰ ਰਿਹਾ ਹੈ, ਸਰਕਾਰ ਉਨ੍ਹਾਂ ਨੂੰ ਭਿਖਾਰੀ ਬਣਾਉਣ ’ਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਨੂੰ ਪੰਜਾਬ ਸਰਕਾਰ ਦੀ ਪੂਰੀ ਹਮਾਇਤ ਹੈ। ਕੇਂਦਰ ਸਰਕਾਰ ਵੱਲੋਂ ਕਾਨੂੰਨਾਂ ’ਚ ਸੋਧ ਬਾਰੇ ਸ੍ਰੀ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮੱਕੀ ’ਤੇ ਐੱਮਐੱਸਪੀ ਦਿੱਤੀ ਗਈ ਹੈ, ਪਰ ਉਸ ’ਤੇ ਕਿਤੇ ਵੀ ਖ਼ਰੀਦ ਨਹੀਂ ਹੋ ਰਹੀ। ਇਸ ਕਰ ਕੇ ਕਿਸਾਨਾਂ ਦਾ ਹੁਣ ਕੇਂਦਰ ਸਰਕਾਰ ਤੋਂ ਭਰੋਸਾ ਉੱਠ ਗਿਆ ਹੈ। ਰਵਨੀਤ ਬਿੱਟੂ ਵੱਲੋਂ ਕੈਪਟਨ ਅਮਰਿੰਦਰ ਸਿੰਘ ’ਤੇ ਦਿੱਤੇ ਬਿਆਨ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਖ਼ੁਦ ਬਿੱਟੂ ਹੀ ਦੇ ਸਕਦੇ ਹਨ, ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਿਸਾਨ ਹਿਤੈਸ਼ੀ ਹਨ। ਸ੍ਰੀ ਸਿੱਧੂ ਨੇ ਕਿਹਾ ਕਿ ਵੱਖਵਾਦੀ ਤਾਕਤਾਂ ਦੇ ਆਗੂ ਭਾਜਪਾ ਵੱਲੋਂ ਛੱਡੇ ਗਏ ਹੋ ਸਕਦੇ ਹਨ, ਪਰ ਪੰਜਾਬ ’ਚ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਸਿਵਲ ਹਸਪਤਾਲ ’ਚ ਅਪਰੇਸ਼ਨ ਦੌਰਾਨ ਹੋਈ ਲਾਪ੍ਰਵਾਹੀ ਦੀ ਜਾਂਚ ਦੇ ਹੁਕਮ ਦਿੱਤੇ ਜਾ ਚੁੱਕੇ ਹਨ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅੱਜ ਲੁਧਿਆਣਾ ਵਿੱਚ ਵਿਸ਼ਵ ਏਡਜ਼ ਦਿਵਸ ਮਨਾਉਣ ਲਈ ਸੂਬਾ ਪੱਧਰੀ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਸਿਹਤ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਏਡਜ਼ ਦੇ ਪਹਿਲੇ ਕੇਸ ਦਾ ਪਤਾ ਲੱਗਣ ਤੋਂ ਹੁਣ 39 ਸਾਲਾਂ ਤੋਂ ਜ਼ਿਆਦਾ ਦਾ ਸਮਾਂ ਹੋ ਗਿਆ ਹੈ। ਅੱਜ ਏਡਜ਼ ਦੁਨੀਆ ਲਈ ਬਿਪਤਾ ਬਣ ਗਈ ਹੈ। ਇਸ ਮੌਕੇ ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਮਿਤ ਕੁਮਾਰ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ ਨੇ ਵੀ ਸੰਬੋਧਨ ਕੀਤਾ।