ਗਗਨਦੀਪ ਅਰੋੜਾ
ਲੁਧਿਆਣਾ, 4 ਜਨਵਰੀ
ਭਾਜਪਾ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਅਗਵਾਈ ਹੇਠ ਘੰਟਾ ਘਰ ਚੌਕ ’ਚ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਲੜੀਵਾਰ ਧਰਨਾ ਸ਼ੁਰੂ ਕੀਤਾ ਗਿਆ ਹੈ। ਧਰਨੇ ਕਰਕੇ ਪੁਲੀਸ ਵੱਲੋਂ ਕੀਤੇ ਗਏ ਸੁਰੱਖਿਆ ਪ੍ਰਬੰਧਾਂ ਕਾਰਨ ਸ਼ਹਿਰ ਦੇ ਲੋਕ ਖੱਜਲ ਹੁੰਦੇ ਰਹੇ।
ਦਰਅਸਲ, ਧਰਨੇ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਲੁਧਿਆਣਾ ਪੁਲੀਸ ਵੱਲੋਂ ਧਰਨਾ ਸਥਾਨ ਦੇ ਇੱਕ ਕਿਲੋਮੀਟਰ ਤੋਂ ਵੱਧ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਅਤੇ ਉਥੋਂ ਲੰਘਣ ਵਾਲੇ ਲੋਕਾਂ ਨੂੰ ਬਦਲਵੇਂ ਰੂਟਾਂ ਰਾਹੀਂ ਭੇਜਿਆ ਗਿਆ। ਇਸ ਦੌਰਾਨ ਆਪਣੇ ਕੰਮ ’ਤੇ ਜਾਣ ਵਾਲੇ ਹਰ ਵਿਅਕਤੀ ਨੂੰ ਸਵੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਚੌੜਾ ਬਾਜ਼ਾਰ ਵਿੱਚ ਧਰਨਾ ਲੱਗਿਆ ਹੋਣ ਕਰਕੇ ਜਦੋਂ ਉਥੋਂ ਦੇ ਦੁਕਾਨਦਾਰ ਆਪਣੀਆਂ ਦੁਕਾਨਾਂ ’ਤੇ ਨਾ ਪਹੁੰਚ ਸਕੇ ਤਾਂ ਉਨ੍ਹਾਂ ਭਾਜਪਾ ਆਗੂਆਂ ’ਤੇ ਮਾਹੌਲ ਖ਼ਰਾਬ ਕਰਨ ਦੇ ਦੋਸ਼ ਲਾਏ, ਜਿਸ ਤੋਂ ਬਾਅਦ ਭਾਜਪਾ ਆਗੂਆਂ ਨੇ ਸਮੇਂ ਤੋਂ ਪਹਿਲਾਂ ਹੀ ਧਰਨਾ ਖ਼ਤਮ ਕਰ ਦਿੱਤਾ।
ਇਸ ਦੌਰਾਨ ਭਾਜਪਾ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਬਿੱਟੂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਜਾਣਬੁੱਝ ਕੇ ਭੜਕਾਊ ਬਿਆਨ ਦੇ ਰਿਹਾ ਹੈ। ਇਹ ਸਭ ਕਿਸਾਨ ਅੰਦੋਲਨ ਦੀ ਆੜ ’ਚ ਕੀਤਾ ਜਾ ਰਿਹਾ ਹੈ। ਕਿਸਾਨ ਸ਼ਾਂਤ ਰਹਿ ਕੇ ਅੰਦੋਲਨ ਕਰ ਰਹੇ ਹਨ ਪਰ ਕਾਂਗਰਸੀ ਆਗੂ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਸ਼ਨਿਚਰਵਾਰ ਨੂੰ ਵੀ ਭਾਜਪਾ ਦੇ ਧਰਨੇ ਦੌਰਾਨ ਯੂਥ ਕਾਂਗਰਸ ਪ੍ਰਧਾਨ ਯੋਗੇਸ਼ ਹਾਂਡਾ ਆਪਣੀ ਪਾਰਟੀ ਦਾ ਝੰਡਾ ਛੱਡ ਕੇ ਕਿਸਾਨੀ ਝੰਡੇ ਹੇਠ ਵਿਰੋਧ ਕਰਨ ਲਈ ਪੁੱਜ ਗਏ ਸਨ। ਇਨ੍ਹਾਂ ਗੱਲਾਂ ਤੋਂ ਸਾਫ਼ ਹੈ ਕਿ ਕਿਸਾਨਾਂ ਨੂੰ ਜਾਣਬੁੱਝ ਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪੁਲੀਸ ’ਤੇ ਕਾਂਗਰਸ ਦੇ ਇਸ਼ਾਰੇ ’ਤੇ ਕੰਮ ਕਰਨ ਦਾ ਦੋਸ਼: ਜ਼ਿਲ੍ਹਾ ਪ੍ਰਧਾਨ
ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਨੇ ਕਿਹਾ ਕਿ ਅੱਜ ਭਾਜਪਾ ਦੇ ਧਰਨੇ ਤੋਂ ਪਹਿਲਾਂ ਪੁਲੀਸ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ, ਜਿਸ ਨਾਲ ਆਸ-ਪਾਸ ਦੇ ਬਾਜ਼ਾਰਾਂ ਦਾ ਕੰਮ ਠੱਪ ਹੋ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵੀ ਕਾਂਗਰਸ ਦੇ ਇਸ਼ਾਰੇ ’ਤੇ ਕੰਮ ਕਰ ਰਹੀ ਹੈ। ਇਲਾਕਾ ਸੀਲ ਕਰਕੇ ਪੁਲੀਸ ਵੱਲੋਂ ਲੋਕਾਂ ਨੂੰ ਭਾਜਪਾ ਦੇ ਖ਼ਿਲਾਫ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵਪਾਰੀਆਂ ਦੇ ਨਾਲ ਹੈ, ਇਸ ਲਈ ਉਹ 2 ਘੰਟੇ ਪਹਿਲਾਂ ਹੀ ਧਰਨਾ ਖ਼ਤਮ ਕਰ ਰਹੇ ਹਨ ਤਾਂ ਕਿ ਕਾਰੋਬਾਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।