ਬਹਾਦਰਜੀਤ ਸਿੰਘ
ਰੂਪਨਗਰ, 25 ਮਾਰਚ
ਰੂਪਨਗਰ ਪ੍ਰੈੱਸ ਕਲੱਬ ’ਚ ਅੱਜ ਪੱਤਰਕਾਰ ਸੰਮੇਲਨ ਕਰਨ ਆਏ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਰਾਜੇਸ਼ ਬਾਘਾ ਅਤੇ ਹੋਰ ਆਗੂਆਂ ਦਾ ਕਿਸਾਨਾਂ ਤੇ ਸੀਟੂ ਵਰਕਰਾਂ ਨੇ ਵਿਰੋਧ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨਾਂ ਤੇ ਸੀਟੂ ਆਗੂਆਂ ਨੂੰ ਰਾਜੇਸ਼ ਬਾਘਾ, ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਅਤੇ ਹੋਰ ਆਗੂਆਂ ਵੱਲੋਂ ਪ੍ਰੈੱਸ ਕਲੱਬ ’ਚ ਪੰਜਾਬ ਦੀ ਕਾਂਗਰਸ ਸਰਕਾਰ ਦੀ ਚਾਰ ਸਾਲ ਦੀ ਕਾਰਗੁਜ਼ਾਰੀ ਬਾਰੇ ਪੱਤਰਕਾਰ ਸੰਮੇਲਨ ਕੀਤੇ ਜਾਣ ਬਾਰੇ ਭਿਣਕ ਲੱਗੀ ਤਾਂ ਉਹ ਪ੍ਰੈੱਸ ਕਲੱਬ ਦੇ ਬਾਹਰ ਇਕੱਠੇ ਹੋ ਕੇ ਕਾਲੇ ਝੰਡਿਆਂ ਨਾਲ ਮੁਜ਼ਾਹਰਾ ਕਰਦੇ ਹੋਏ ਮੋਦੀ ਸਰਕਾਰ ਤੇ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਇਸ ਦਾ ਪਤਾ ਚੱਲਦਿਆਂ ਹੀ ਐੱਸਐੱਚਓ ਰਾਜੀਵ ਕੁਮਾਰ ਦੀ ਅਗਵਾਈ ਵਿੱਚ ਪੁਲੀਸ ਫੋਰਸ ਮੌਕੇ ’ਤੇ ਪੁੱਜ ਗਈ। ਪੱਤਰਕਾਰ ਸੰਮੇਲਨ ਤੋਂ ਬਾਅਦ ਰਾਜੇਸ਼ ਬਾਘਾ ਤੇ ਹੋਰ ਭਾਜਪਾ ਆਗੂ ਜਦੋਂ ਬਾਹਰ ਆਏ ਤਾਂ ਕਿਸਾਨਾਂ ਅਤੇ ਸੀਟੂ ਵਰਕਰਾਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਨਾਅਰੇਬਾਜ਼ੀ ਜਾਰੀ ਰੱਖੀ। ਸੀਟੂ ਦੇ ਪੰਜਾਬ ਦੇ ਪ੍ਰਧਾਨ ਮਹਾਂ ਸਿੰਘ ਰੋੜੀ ਨੇ ਭਾਜਪਾ ਆਗੂਆਂ ਨੂੰ ਕਿਹਾ ਕਿ ਉਹ ਤਿੰਨੋਂ ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਤੇ ਕਿਸਾਨਾਂ ਦੀਆਂ ਮੰਗਾਂ ਮੰਨਵਾਉਣ ਲਈ ਕੇਂਦਰ ਸਰਕਾਰ ’ਤੇ ਜ਼ੋਰ ਪਾਉਣ। ਰਾਜੇਸ਼ ਬਾਘਾ ਨੇ ਭਰੋਸਾ ਦਿਵਾਇਆ ਕਿ ਉਹ ਕੇਂਦਰ ਸਰਕਾਰ ਕੋਲ ਕਿਸਾਨਾਂ ਦੀਆਂ ਭਾਵਨਾਵਾਂ ਪਹੁੰਚਾਉਣਗੇ।
ਇਸ ਤੋਂ ਪਹਿਲਾਂ ਪੱਤਰਕਾਰ ਸੰਮੇਲਨ ਦੌਰਾਨ ਰਾਜੇਸ਼ ਬਾਘਾ ਨੇ ਪੰਜਾਬ ਦੀ ਕਾਂਗਰਸ ਸਾਰਕਾਰ ’ਤੇ ਵਾਅਦੇ ਪੂਰੇ ਕਰਨ ’ਚ ਨਾਕਾਮ ਰਹਿਣ ਦਾ ਦੋਸ਼ ਲਾਇਆ। ਪੱਤਰਕਾਰਾਂ ਵੱਲੋਂ ਕਿਸਾਨੀ ਮੰਗਾਂ ਬਾਰੇ ਪੁੱਛੇ ਗਏ ਸਵਾਲਾਂ ਦਾ ਬਾਘਾ ਤਸੱਲੀਬਖਸ਼ ਜਵਾਬ ਨਾ ਦੇ ਸਕੇ।