ਸੰਜੀਵ ਹਾਂਡਾ
ਫ਼ਿਰੋਜ਼ਪੁਰ, 1 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਖਾਲਸਾ ਪੰਥ ਨੂੰ ਅਪੀਲ ਕੀਤੀ ਕਿ ਉਹ ਤਖ਼ਤ ਕੇਸਗੜ੍ਹ ਸਾਹਿਬ ਤੇ ਤਖ਼ਤ ਦਮਦਮਾ ਸਾਹਿਬ ਤੋਂ 7 ਅਕਤੂਬਰ ਨੂੰ ਕੱਢੇ ਜਾ ਰਹੇ ਦੋਵੇਂ ਖਾਲਸਾ ਮਾਰਚਾਂ ਦੀ ਡਟਵੀਂ ਹਮਾਇਤ ਕਰਨ ਤਾਂ ਜੋ ਸਿੱਖ ਕੌਮ ਨੂੰ ਵੰਡਣ ਦੀਆਂ ਸਾਜਿਸ਼ਾਂ ਨੂੰ ਮਾਤ ਪਾਈ ਜਾ ਸਕੇ।
ਮੁੱਦਕੀ ’ਚ ਜਨਤਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਜਾਇਜ਼ ਠਹਿਰਾਉਣ ਦੇ ਫ਼ੈਸਲੇ ਨੂੰ ਵਿਤਕਰੇ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਸਿਰਫ਼ ਸੰਸਦ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਰਰਾਜੀ ਰੁਤਬੇ ਵਿੱਚ ਤਬਦੀਲੀ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਤੱਥ ਹੈ ਕਿ ਸ਼੍ਰੋਮਣੀ ਕਮੇਟੀ ਪਾਰਲੀਮੈਂਟ ਦੇ ਐਕਟ ਅਨੁਸਾਰ ਕੰਮ ਕਰਦੀ ਹੈ। ਇਹੀ ਕਾਰਨ ਹੈ ਕਿ ਇਸ ਦੀਆਂ ਚੋਣਾਂ ਕਰਵਾਉਣ ਲਈ ਕੇਂਦਰ ਸਰਕਾਰ ਹੀ ਚੋਣ ਕਮਿਸ਼ਨਰ ਦੀ ਨਿਯੁਕਤੀ ਕਰਦੀ ਹੈ ਤੇ ਚੋਣਾਂ ਕਰਵਾਉਂਦੀ ਹੈ। ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਹਰਿਆਣਾ ਵਿਚ ਬਲਜੀਤ ਸਿੰਘ ਦਾਦੂਵਾਲ ਨੂੰ ਭਾਜਪਾ ਦੀ ਅਤੇ ਝੀਂਡਾ ਨੂੰ ਕਾਂਗਰਸ ਦੀ ਹਮਾਇਤ ਮਿਲੀ ਹੋਈ ਹੈ। ਦੋਵਾਂ ਗਰੁੱਪਾਂ ਦਰਮਿਆਨ ਗੁਰਦੁਆਰਿਆਂ ਦੇ ਕੰਟਰੋਲ ਨੂੰ ਲੈ ਕੇ ਜੰਗ ਸ਼ੁਰੂ ਹੋ ਚੁੱਕੀ ਹੈ। ਸੁਖਬੀਰ ਬਾਦਲ ਨੇ ਅੱਜ ਦਿਹਾਤੀ ਹਲਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਨਹਿਰੀ ਵਿਭਾਗ ਵੱਲੋਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਨਹਿਰੀ ਵਿਭਾਗ ਦੀਆਂ ਜ਼ਮੀਨਾਂ ਖਾਲੀ ਕਰਨ ਦੇ ਨੋਟਿਸ ਦਾ ਸਖ਼ਤ ਵਿਰੋਧ ਕਰਦਿਆਂ ਉਨ੍ਹਾਂ ਸਰਕਾਰ ਨੂੰ ਗੰਭੀਰ ਸਿੱਟੇ ਭੁਗਤਣ ਦੀ ਚਿਤਾਵਨੀ ਦਿੱਤੀ।