ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜੂਨ
ਸੀਨੀਅਰ ਕਾਂਗਰਸੀ ਆਗੂ ਅਤੇ ਰਾਜ ਸਭਾ ਮੈਂਬਰ ਸ੍ਰੀਮਤੀ ਰਣਜੀਤ ਰੰਜਨ ਨੇ ਅੱਜ ਇੱਥੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਸੰਮਨ ਭੇਜਣਾ ਭਾਜਪਾ ਦੀ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਅਤੇ ਭਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਦੀ ਕੋਸ਼ਿਸ਼ ਹੈ| ਜਦੋਂ ਕਿਧਰੇ ਵੀ ਪੈਸਿਆਂ ਦਾ ਲੈਣ-ਦੇਣ ਹੋਇਆ ਹੀ ਨਹੀਂ ਤਾਂ ਈਡੀ ਵੱਲੋਂ ਸੀਨੀਅਰ ਕਾਂਗਰਸੀ ਆਗੂਆਂ ਨੂੰ ਸੰਮਨ ਜਾਰੀ ਕਰਨਾ ਕਾਨੂੰਨੀ ਅਤੇ ਤਕਨੀਕੀ ਤੌਰ ’ਤੇ ਨਾਜਾਇਜ਼ ਹੈ|
ਰਾਜ ਸਭਾ ਮੈਂਬਰ ਨੇ ਕਿਹਾ ਕਿ ਕਾਂਗਰਸ ਨੇ ਵੱਡੇ ਵਿੱਤੀ ਘਾਟੇ ਕਾਰਨ ਨੈਸ਼ਨਲ ਹੈਰਾਲਡ ਅਖ਼ਬਾਰ ਨੂੰ ਵੇਚਿਆ ਸੀ| ਇਸ ਵਿੱਚ 90 ਕਰੋੜ ਵਿੱਚੋਂ 67 ਕਰੋੜ ਰੁਪਏ ਮੁਲਾਜ਼ਮਾਂ ਨੂੰ ਵੀਆਰਐੱਸ ਅਤੇ ਗਰੈਚੁਟੀ ਲਈ ਦਿੱਤੇ ਗਏ ਅਤੇ ਬਾਕੀ ਰਕਮ ਕਿਰਾਏ, ਬਿਜਲੀ ਖ਼ਰਚੇ ਆਦਿ ਉੱਤੇ ਖ਼ਰਚ ਹੋ ਗਈ| ਉਨ੍ਹਾਂ ਕਿਹਾ ਕਿ ਜਦੋਂ ਕੋਈ ਨਕਦੀ ਦਾ ਲੈਣ-ਦੇਣ ਹੋਇਆ ਹੀ ਨਹੀਂ ਤਾਂ ਮਨੀ ਲਾਂਡਰਿੰਗ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ| ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਬਦਲਾਖੋਰੀ ਦੀ ਸਿਆਸਤ ਹੈ|
ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਲੋਕਾਂ ਨੂੰ ਕੇਂਦਰੀ ਏਜੰਸੀਆਂ ਜ਼ਰੀਏ ਡਰਾ ਕੇ ਆਪਣੀ ਪਾਰਟੀ ਵਿੱਚ ਸ਼ਮੂਲੀਅਤ ਕਰਵਾਉਂਦੀ ਹੈ| ਉਨ੍ਹਾਂ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਇਸ ਤਰ੍ਹਾਂ ਦਬਾਇਆ ਨਹੀਂ ਜਾ ਸਕੇਗਾ| ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮਾਮਲੇ ’ਤੇ ਕਾਨੂੰਨੀ ਲੜਾਈ ਲੜੇਗੀ ਅਤੇ ਚੁੱਪ ਨਹੀਂ ਬੈਠੇਗੀ| ਉਨ੍ਹਾਂ ਕਿਹਾ ਕਿ ਵੱਖ ਵੱਖ ਸੂਬਿਆਂ ਵਿੱਚ ਭਾਜਪਾ ਦੀਆਂ ਸਰਕਾਰਾਂ ਵੱਖ ਵੱਖ ਘੁਟਾਲਿਆਂ ਵਿਚ ਸ਼ਾਮਲ ਰਹੀਆਂ ਹਨ ਅਤੇ ਇਨ੍ਹਾਂ ਘੁਟਾਲਿਆਂ ਤੋਂ ਧਿਆਨ ਹਟਾਉਣ ਲਈ ਵਿਰੋੋਧੀ ਪਾਰਟੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ|
ਰਣਜੀਤ ਰੰਜਨ ਨੇ ਕਿਹਾ ਕਿ ਬਹੁਤ ਸਾਰੀਆਂ ਵਿਰੋਧੀਆਂ ਪਾਰਟੀਆਂ ਦੇ ਆਗੂਆਂ ਨੂੰ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਪ੍ਰੇਸ਼ਾਨ ਵੀ ਕੀਤਾ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਕਈ ਵਿਰੋਧੀ ਆਗੂਆਂ ਨੂੰ ਡਰਾ ਕੇ ਭਾਜਪਾ ਨੇ ਸ਼ਮੂਲੀਅਤ ਕਰਵਾਈ ਹੈ ਅਤੇ ਸ਼ਮੂਲੀਅਤ ਮਗਰੋਂ ਕਲੀਨ ਚਿੱਟ ਵੀ ਦੇ ਦਿੱਤੀ ਹੈ| ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਘੁਟਾਲਿਆਂ ਤੋਂ ਧਿਆਨ ਲਾਂਭੇ ਕਰਨ ਲਈ ਨਿੱਤ ਦਿਨ ਅਜਿਹੇ ਹੱਥਕੰਢੇ ਅਪਣਾ ਰਹੀ ਹੈ| ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨੈਸ਼ਨਲ ਹੈਰਾਲਡ ਅਖ਼ਬਾਰ ਮਾਮਲੇ ਵਿੱਚ ਸੋਨੀਆ ਤੇ ਰਾਹੁਲ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਸਨ।