ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਜੂਨ
ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਦੇ ਪੇਂਡੂ ਵਿਕਾਸ ਫ਼ੰਡ (ਆਰਡੀਐੱਫ) ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਭਾਜਪਾ ਹੁਣ ਅਸਿੱਧੇ ਢੰਗ ਨਾਲ ਪੰਜਾਬ ਦੀ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸੇ ਕਰਕੇ ਕੇਂਦਰ ਸਰਕਾਰ ਨੇ ਸਾਜਿਸ਼ ਤਹਿਤ ਪੰਜਾਬ ਦੇ ਆਰਡੀਐੱਫ ਦੇ 7,000 ਕਰੋੜ ਰੁਪਏ ਦੇ ਬਕਾਇਆ ਫ਼ੰਡ ਜਾਰੀ ਨਹੀਂ ਕੀਤੇ। ਇਹ ਪ੍ਰਗਟਾਵਾ ‘ਆਪ’ ਦੇ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਨੇ ਅੱਜ ਇੱਥੇ ਕੀਤਾ। ਉਨ੍ਹਾਂ ਕਿਹਾ ਕਿ ਆਰਡੀਐੱਫ ਦਾ ਪੈਸਾ ਪੰਜਾਬ ਵਿੱਚ ਪੇਂਡੂ ਖੇਤਰਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਮੰਡੀਆਂ ਦੇ ਵਿਕਾਸ ਲਈ ਵਰਤਿਆ ਜਾਂਦਾ ਹੈ। ਇਸ ਨੂੰ ਰੋਕਣ ਕਰਕੇ ਪੰਜਾਬ ਦੇ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਹੋ ਰਹੀ। ਸ੍ਰੀ ਚੱਢਾ ਨੇ ਕਿਹਾ ਕਿ ਪਹਿਲਾਂ ਭਾਜਪਾ ਨੇ ਪੰਜਾਬ ਵਿੱਚ ਸਰਕਾਰੀ ਮੰਡੀ ਸਿਸਟਮ ਨੂੰ ਖ਼ਤਮ ਕਰਨ ਲਈ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਵਿੱਚ ਉਹ ਸਫਲ ਨਹੀਂ ਹੋ ਸਕੀ। ਹੁਣ ਪੰਜਾਬ ਵਿੱਚ ਸਰਕਾਰੀ ਮੰਡੀ ਸਿਸਟਮ ਨੂੰ ਖ਼ਤਮ ਕਰਨ ਲਈ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਆਰਡੀਐੱਫ ਅਤੇ ਐੱਮਡੀਐੱਫ ਜਾਰੀ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਭਾਜਪਾ ਇਹ ਮੰਡੀ ਸਿਸਟਮ ਨੂੰ ਖ਼ਤਮ ਕਰਕੇ ਸਭ ਕੁਝ ਆਪਣੇ ਸਰਮਾਏਦਾਰ ਦੋਸਤਾਂ ਨੂੰ ਦੇਣ ਦੀ ਤਾਕ ਵਿੱਚ ਹੈ। ਉਨ੍ਹਾਂ ਭਾਜਪਾ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਦੀ ਚੁੱਪ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਉਹ ਕਿਸਾਨ ਅਤੇ ਪੰਜਾਬ ਦਾ ਪੁੱਤ ਹੋਣ ਦਾ ਦਾਅਵਾ ਕਰਦੇ ਹਨ, ਪਰ ਉਹ ਕਦੇ ਵੀ ਪੰਜਾਬ ਅਤੇ ਇਸ ਦੇ ਕਿਸਾਨਾਂ ਦੇ ਹੱਕ ’ਚ ਆਵਾਜ਼ ਨਹੀਂ ਉਠਾਉਂਦੇ। ਰਵਨੀਤ ਬਿੱਟੂ ਨੂੰ ਵੀ ਆਪਣੀ ਸਰਕਾਰ ਕੋਲ ਆਰਡੀਐਫ ਦਾ ਮੁੱਦਾ ਉਠਾਉਣਾ ਚਾਹੀਦਾ ਹੈ।