ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਪਰੈਲ
ਭਾਜਪਾ ਨੇ ਸੂਬੇ ਦੇ ਪੁਲੀਸ ਮੁਖੀ ’ਤੇ ਸਿਆਸੀ ਹੱਥਾਂ ਵਿੱਚ ਖੇਡਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਪੁਲੀਸ ਸਿਆਸੀ ਬਦਲਾਖੋਰੀ ਤੋਂ ਬਿਨਾਂ ਕੁਝ ਨਹੀਂ ਕਰ ਰਹੀ, ਜਿਸ ਕਾਰਨ ਸੂਬੇ ਦੀ ਕਾਨੂੰਨ ਵਿਵਸਥਾ ਦਾਅ ’ਤੇ ਲੱਗੀ ਹੋਈ ਹੈ। ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਹਾਲਾਤ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਸਾਰਾ ਮਾਮਲਾ ਕੇਂਦਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣਨ ਮਗਰੋਂ ਪੰਜਾਬ ਪੁਲੀਸ ਦਾ ਪੂਰੀ ਤਰ੍ਹਾਂ ਸਿਆਸੀਕਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਵੱਲੋਂ ਭਾਜਪਾ ਤੇ ਕਾਂਗਰਸੀ ਆਗੂਆਂ ਖ਼ਿਲਾਫ਼ ਦਰਜ ਕੀਤੇ ਗਏ ਕੇਸ ਦਰਸਾਉਂਦੇ ਹਨ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਸਿਆਸੀ ਰੰਜਿਸ਼ ਤਹਿਤ ਪੁਲੀਸ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਦੇ ਵਫ਼ਦ ਵੱਲੋਂ ਡੀਜੀਪੀ ਪੰਜਾਬ ਤੋਂ ਇਨ੍ਹਾਂ ਮਾਮਲਿਆਂ ’ਤੇ ਰੋਸ ਦਰਜ ਕਰਵਾਉਣ ਲਈ ਲੰਬੇ ਸਮੇਂ ਤੋਂ ਸਮਾਂ ਮੰਗਿਆ ਜਾ ਰਿਹਾ ਸੀ। ਆਖ਼ਿਰ ਸਮਾਂ ਮਿਲਣ ਦੇ ਬਾਵਜੂਦ ਰੁਝੇਵਿਆਂ ਦਾ ਬਹਾਨਾ ਬਣਾ ਕੇ ਵਫ਼ਦ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲੀਸ ਅਧਿਕਾਰੀਆਂ ਦੇ ਵਤੀਰੇ ਤੋਂ ਸਾਫ ਜ਼ਾਹਿਰ ਹੁੰਦਾ ਹੈ ਕਿ ਡੀਜੀਪੀ, ਦਿੱਲੀ ਅਤੇ ਪੰਜਾਬ ਦੀਆਂ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਕਠਪੁਤਲੀ ਬਣ ਚੁੱਕੇ ਹਨ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ।