ਪੱਤਰ ਪ੍ਰੇਰਕ
ਲਹਿਰਾਗਾਗਾ, 1 ਫਰਵਰੀ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਂ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਲਹਿਲ ਖੁਰਦ ਪਿੰਡ ਦੇ ਨਾਲ ਲਗਦੇ ਰਿਲਾਇੰਸ ਦੇ ਪੈਟਰੋਲ ਪੰਪ ’ਤੇ ਧਰਨਾ 125ਵੇਂ ਦਿਨ ਵੀ ਜਾਰੀ ਰਿਹਾ। ਉਧਰ ਬਲਾਕ ਦੇ ਅੱਧੀ ਦਰਜਨ ਪਿੰਡਾਂ ’ਚ ਕਿਸਾਨਾਂ ਨੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ। ਜਥੇਬੰਦੀ ਦੇ ਮੁੱਖ ਆਗੂ ਦਿੱਲੀ ਮੋਰਚੇ ’ਚ ਪਹੁੰਚਣ ਕਰਕੇ ਧਰਨੇ ਦੀ ਕਮਾਂਡ ਔਰਤਾਂ ਨੇ ਸੰਭਾਲੀ ਹੈ। ਜਥੇਬੰਦੀ ਦੇ ਲਹਿਰਾਗਾਗਾ ਬਲਾਕ ਦੇ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਘਰਸ਼ ਉਦੋਂ ਤਕ ਜਾਰੀ ਰਹੇਗਾ ਜਦੋਂ ਤੱਕ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ। ਉਨ੍ਹਾਂ ਨੇ ਵੱਧ ਤੋਂ ਵੱਧ ਲੋਕਾਂ ਨੂੰ ਦਿੱਲੀ ਮੋਰਚੇ ਵਿਚ ਪਹੁੰਚਣ ਦੀ ਅਪੀਲ ਕੀਤੀ। ਅੱਜ ਸੂਬਾ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਦਿੱਲੀ ਮੋਰਚੇ ਲਈ ਅੱਜ 20 ਟਰਾਲੀਆ ਦਾ ਕਾਫਲਾ ਲਹਿਰਾ ਬਲਾਕ ਵੱਲੋਂ ਭੇਜਿਆ ਗਿਆ ਹੈ। ਬੁਲਾਰਿਆਂ ਨੇ ਪਿੰਡ ਦੇਲ੍ਹਾ ਸੀਹਾਂ ਦੇ ਪੰਜ ਕਿਸਾਨਾਂ ਅਤੇ ਪੱਤਰਕਾਰਾਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਵੀ ਕੀਤੀ।