ਇਕਬਾਲ ਸਿੰਘ ਸ਼ਾਂਤ
ਲੰਬੀ/ਡੱਬਵਾਲੀ, 26 ਮਈ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਪਿੰਡ ਬਾਦਲ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਰਿਹਾਇਸ਼ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਪਰਿਵਾਰ ਦੀ ਤੇਜਾਖੇੜਾ ਫਾਰਮ ਰਿਹਾਇਸ਼ ’ਤੇ ਕਾਲੇ ਝੰਡੇ ਲਹਿਰਾਏ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਬਾਦਲ ਵਿੱਚ ਰਿਹਾਇਸ਼ ’ਤੇ ਕਾਲਾ ਝੰਡਾ ਲਹਿਰਾਉਣ ਮਗਰੋਂ ਸੋਸ਼ਲ ਮੀਡੀਆ ਰਾਹੀਂ ਕਿਹਾ ਕਿ ਰਾਜਧਾਨੀ ਦਿੱਲੀ ’ਚ ਚੱਲ ਰਹੇ ਸ਼ਾਂਤਮਈ ਕਿਸਾਨ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ’ਤੇ ਵੀ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਰਹੀ। ਇਸੇ ਦੇ ਰੋਸ ਵਜੋਂ ਉਨ੍ਹਾਂ ਘਰ ਦੇ ਮੁੱਖ ਦਰਵਾਜ਼ੇ ’ਤੇ ਕਾਲਾ ਝੰਡਾ ਲਹਿਰਾ ਕੇ ਵਿਰੋਧ ਦਰਜ ਕਰਵਾਇਆ ਹੈ। ਕਾਨੂੰਨ ਰੱਦ ਹੋਣ ਤੱਕ ਉਨ੍ਹਾਂ ਦਾ ਵਿਰੋਧ ਜਾਰੀ ਰਹੇਗੀ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਉੁਨ੍ਹਾਂ ਦੀ ਦਿੱਲੀ ਰਿਹਾਇਸ਼ ’ਤੇ ਖੇਤੀ ਕਾਲਾ ਝੰਡਾ ਲਹਿਰਾਇਆ। ਇਸ ਤੋਂ ਇਲਾਵਾ ਡੱਬਵਾਲੀ ਹਲਕੇ ਵਿੱਚ ਚੌਟਾਲਾ ਪਰਿਵਾਰ ਦੀ ਰਿਹਾਇਸ਼ ਤੇਜਾਖੇੜਾ ਫਾਰਮ ਹਾਊਸ ਵਿੱਚ ਇਨੈਲੋ ਦੇ ਆਗੂ ਅਭੈ ਸਿੰਘ ਚੌਟਾਲਾ ਅਤੇ ਉੁਨ੍ਹਾਂ ਦੇ ਬੇਟੇ ਕਰਨ ਚੌਟਾਲਾ ਨੇ ਝੰਡਾ ਲਹਿਰਾਇਆ। ਇਸ ਮੌਕੇ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਸੱਤਾ ਦੇ ਹੰਕਾਰ ਵਿੱਚ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ। ਇਸ ਰੋਸ ਤਹਿਤ ਉਨ੍ਹਾਂ ਨੇ ਵੀ ਰਿਹਾਇਸ਼ ’ਤੇ ਕਾਲਾ ਝੰਡਾ ਲਹਿਰਾਇਆ ਹੈ।
ਤ੍ਰਿਪਤ ਬਾਜਵਾ ਨੇ ਵੀ ਲਹਿਰਾਇਆ ਕਾਲਾ ਝੰਡਾ
ਕਾਦੀਆਂ (ਮਕਬੂਲ ਅਹਿਮਦ): ਖੇਤੀ ਕਾਨੂੰਨਾਂ ਵਿਰੁੱਧ ਕਿਸਾਨੀ ਸੰਘਰਸ਼ ਦੇ ਛੇ ਮਹੀਨੇ ਪੂਰੇ ਹੋਣ ’ਤੇ ਅੱਜ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਿਵਲ ਲਾਈਨ ਸਿਥਤ ਆਪਣੇ ਨਿਵਾਸ ਸਥਾਨ ’ਤੇ ਕਾਲਾ ਝੰਡਾ ਲਹਿਰਾ ਕੇ ਰੋਸ ਪ੍ਰਗਟਾਇਆ। ਉਨ੍ਹਾਂ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਤਰੁੰਤ ਵਾਪਸ ਲੈਣ ਦੀ ਮੰਗ ਕੀਤੀ।