ਰਾਜਿੰਦਰ ਕੁਮਾਰ
ਬੱਲੂਆਣਾ, 1 ਅਗਸਤ
ਮੀਂਹ ਦੇ ਪਾਣੀ ਵਿੱਚ ਡੁੱਬੇ ਖੇਤਾਂ ਵਿੱਚ ਨੁਕਸਾਨੀ ਫ਼ਸਲ ਦਾ ਜਾਇਜ਼ਾ ਲੈਣ ਲਈ ਹਲਕਾ ਬਲੂਆਣਾ ਦੇ ਪਿੰਡਾਂ ਵਿੱਚ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਨੂੰ ਇੱਥੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਵੱਲੋਂ ਕਾਲੇ ਝੰਡੇ ਦਿਖਾ ਕੇ ਰੋਸ ਪ੍ਰਗਟਾਇਆ ਗਿਆ। ਦੁਪਹਿਰੇ ਕਰੀਬ 1 ਵਜੇ ਸੁਖਬੀਰ ਬਾਦਲ ਆਪਣੇ ਕਾਫ਼ਲੇ ਸਮੇਤ ਹਲਕਾ ਲੰਬੀ ਦੇ ਨਾਲ ਲੱਗਦੇ ਹਲਕਾ ਬੱਲੂਆਣਾ ਦੇ ਪਿੰਡ ਗੱਦਾ ਪਹੁੰਚੇ। ਇੱਥੇ ਸ਼ਮਸ਼ਾਨਘਾਟ ਨੇੜੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ‘ਆਪ’ ਵਰਕਰਾਂ ਨੇ ਸਾਬਕਾ ਉਪ ਮੁੱਖ ਮੰਤਰੀ ਦੇ ਕਾਫ਼ਲੇ ਨੂੰ ਕਾਲੇ ਝੰਡੇ ਦਿਖਾਏ ਤੇ ਨਾਅਰੇਬਾਜ਼ੀ ਕੀਤੀ।
‘ਆਪ’ ਦੇ ਸਰਕਲ ਪ੍ਰਧਾਨ ਬਲਜੀਤ ਸਿੰਘ ਤੋਂ ਇਲਾਵਾ ਬਹਾਵਵਾਲਾ ਸਰਕਲ ਦੇ ਪ੍ਰਧਾਨ ਅੰਗਰੇਜ਼ ਸਿੰਘ, ਜ਼ਿਲ੍ਹਾ ਤਾਲਮੇਲ ਕਮੇਟੀ ਦੇ ਮੈਂਬਰ ਨੌਰੰਗ ਰਾਮ ਢਾਬਾ ਕੋਕਰਿਆ ਤੇ ਸਰਪੰਚ ਲਾਭ ਸਿੰਘ ਨੇ ਦੱਸਿਆ ਕਿ ਲੰਬੀ ਹਲਕੇ ਵਿੱਚੋਂ ਬੱਲੂਆਣਾ ਹਲਕੇ ਦੇ ਪਿੰਡਾਂ ਨੂੰ ਪਾਣੀ ਦੀ ਨਿਕਾਸੀ ਖ਼ਾਤਰ ਬਣਾਏ ਗਏ ਬੇਤਰਤੀਬੇ ਸੇਮ ਨਾਲੇ ਬੱਲੂਆਣਾ ਦੇ ਖੇਤਾਂ ਦੀ ਬਰਬਾਦੀ ਦਾ ਕਾਰਨ ਬਣੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਹਲਕਾ ਲੰਬੀ ਨੂੰ ਬਚਾਉਣ ਲਈ ਬਣਾਏ ਗਏ ਇਨ੍ਹਾਂ ਸੇਮ ਨਾਲਿਆਂ ਵਿੱਚ ਛੱਡਿਆ ਗਿਆ ਪਾਣੀ ਅੱਜ ਬੱਲੂਆਣਾ ਹਲਕੇ ਦੇ ਪਿੰਡਾਂ ਲਈ ਕਹਿਰ ਬਣਿਆ ਹੈ।
ਪਿੰਡ ਗੱਦਾ ਡੋਬ ਦੇ ਵਸਨੀਕ ਨਿਰੰਜਨ ਸਿੰਘ ਨੇ ਬੀਤੇ ਦਿਨੀਂ ਫ਼ਸਲ ਤਬਾਹ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ ਸੀ, ਜਿਸ ਦੀ ਮੌਤ ਲਈ ‘ਆਪ’ ਆਗੂਆਂ ਨੇ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਿੰਡ ਵਾਸੀਆਂ ਨਾਲ ਗੱਲਬਾਤ ਦੌਰਾਨ ਸ੍ਰੀ ਬਾਦਲ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਛੇਤੀ ਹੀ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਤਿੰਨ ਦਿਨਾਂ ਵਿੱਚ ਲੋੜੀਂਦਾ ਸਾਮਾਨ ਭੇਜ ਦਿੱਤਾ ਜਾਵੇਗਾ। ਇਸ ਮੌਕੇ ਸ੍ਰੀ ਬਾਦਲ ਖੁ਼ਦਕੁਸ਼ੀ ਕਰ ਗਏ ਕਿਸਾਨ ਨਿਰੰਜਣ ਸਿੰਘ ਦੇ ਘਰ ਅਫ਼ਸੋਸ ਕਰਨ ਵੀ ਗਏ। ਉਨ੍ਹਾਂ ਨਾਲ ਸਾਬਕਾ ਵਿਧਾਇਕ ਗੁਰਤੇਜ ਸਿੰਘ ਘੁੜਿਆਣਾ, ਸਾਬਕਾ ਵਿਧਾਇਕ ਮਹਿੰਦਰ ਰਿਣਵਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਪਾਲ ਸਿੰਘ ਗਰੇਵਾਲ ਵੀ ਹਾਜ਼ਰ ਸਨ।
ਮੀਂਹ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ
ਅਬੋਹਰ (ਸੁੰਦਰ ਨਾਥ ਆਰੀਆ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਅਬੋਹਰ ਤੇ ਆਲੇ-ਦੁਆਲੇ ਦੇ ਖੇਤਰ ਵਿੱਚ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਜਾਇਜ਼ਾ ਲਿਆ। ਦੌਰੇ ਤੋਂ ਬਾਅਦ ਅਬੋਹਰ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਜ਼ਿਆਦਾ ਮੀਂਹ ਪੈਣ ਕਾਰਨ ਅਬੋਹਰ ਅਤੇ ਬੱਲੂਆਣਾ ਦੇ ਕਈ ਪਿੰਡਾਂ ਵਿੱਚ ਪਾਣੀ ਭਰ ਗਿਆ ਹੈ, ਜਿਸ ਕਾਰਨ ਨਰਮਾ ਤੇ ਕਿੰਨੂ ਦੀਆਂ ਫ਼ਸਲਾਂ ਲਗਪਗ ਖ਼ਤਮ ਹੋ ਗਈਆਂ ਹਨ। ਕਈ ਥਾਵਾਂ ’ਤੇ ਗੰਦਾ ਪਾਣੀ ਖੜ੍ਹਾ ਹੋਣ ਕਾਰਨ ਬਿਮਾਰੀਆਂ ਫ਼ੈਲ ਰਹੀਆਂ ਹਨ। ਸ੍ਰੀ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉਤਰੀ, ਜਿਸ ਕਾਰਨ ਲੋਕਾਂ ਦਾ ਚਾਰ ਮਹੀਨੇ ਬਾਅਦ ਹੀ ਸਰਕਾਰ ਤੋਂ ਮੋਹ ਭੰਗ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਛੇਤੀ ਹੀ ਇਲਾਕੇ ਵਿੱਚ ਪਾਣੀ ਦੀ ਨਿਕਾਸੀ ਲਈ ਪੰਪ, ਟਰੈਕਟਰ ਤੇ ਡੀਜ਼ਲ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਮੈਡੀਕਲ ਸਹਾਇਤਾ ਵੀ ਦਿੱਤੀ ਜਾਵੇਗੀ।