ਦਰਸ਼ਨ ਸਿੰਘ ਸੋਢੀ
ਐੱਸ.ਏ.ਐੱਸ. ਨਗਰ(ਮੁਹਾਲੀ), 9 ਮਈ
ਮੁੱਖ ਅੰਸ਼
- ਮੁੱਖ ਮੰਤਰੀ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗੀ
- ਪੁਲੀਸ ਨੇ ਸੂਬੇ ’ਚ ਚੌਕਸੀ ਵਧਾਈ
- ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਜਾਂਚ ਸ਼ੁਰੂ
ਇੱਥੋਂ ਦੇ ਸੈਕਟਰ-77 ਸਥਿਤ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ ਇਮਾਰਤ ਨੇੜੇ ਅੱਜ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਪਰ ਇਸ ’ਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ। ਹਾਲਾਂਕਿ, ਖ਼ਬਰ ਲਿਖੇ ਜਾਣ ਤੱਕ ਕੋਈ ਵੀ ਅਧਿਕਾਰੀ ਕੁਝ ਬੋਲਣ ਨੂੰ ਤਿਆਰ ਨਹੀਂ ਸੀ। ਧਮਾਕੇ ਦਾ ਕਾਰਨ ਜਾਣਨ ਲਈ ਮੌਕੇ ’ਤੇ ਫੋਰੈਂਸਿਕ ਟੀਮ ਸੱਦੀ ਗਈ। ਉੱਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ।
ਸੂਤਰਾਂ ਅਨੁਸਾਰ ਅੱਜ ਦੇਰ ਸ਼ਾਮ ਪੰਜਾਬ ਇੰਟੈਲੀਜੈਂਸ ਦੀ ਇਮਾਰਤ ਵਿੱਚ ਇਹ ਧਮਾਕਾ ਹੋਇਆ। ਹਾਲਾਂਕਿ ਘਟਨਾ ਵਿੱਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਧਮਾਕੇ ਕਾਰਨ ਇਮਾਰਤ ਦੇ ਸ਼ੀਸ਼ੇ ਟੁੱਟ ਗਏ। ਧਮਾਕੇ ਵਾਲੀ ਥਾਂ ਨੇੜਿਓਂ ਧਮਾਕਾਖੇਜ਼ ਸਮੱਗਰੀ ਮਿਲਣ ਬਾਰੇ ਪਤਾ ਲੱਗਾ ਹੈ ਪਰ ਖ਼ਬਰ ਲਿਖੇ ਜਾਣ ਤੱਕ ਇਸ ਸਬੰਧੀ ਕੋਈ ਅਧਿਕਾਰੀ ਆਪਣਾ ਮੂੰਹ ਖੋਲਣ ਨੂੰ ਤਿਆਰ ਨਹੀਂ ਸੀ। ਸੂਤਰਾਂ ਅਨੁਸਾਰ ਪੁਲੀਸ ਨੇ ਅਤਿਵਾਦੀ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ।
ਧਮਾਕੇ ਦੀ ਸੂਚਨਾ ਮਿਲਦੇ ਹੀ ਸੀਨੀਅਰ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਸ ਪਾਸੇ ਆਉਣ-ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਗਏ ਅਤੇ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਜਾਂਚ ਆਰੰਭ ਦਿੱਤੀ ਗਈ। ਖ਼ਬਰ ਲਿਖੇ ਜਾਣ ਤੱਕ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ। ਮੁਹਾਲੀ ਪੁਲੀਸ ਦੀ ਸੂਚਨਾ ’ਤੇ ਪੂਰੇ ਪੰਜਾਬ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਗੁਆਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ ਵੀ ਸੀਲ ਕਰਨ ਦੀ ਗੱਲ ਕਹੀ ਜਾ ਰਹੀ ਹੈ।