ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 23 ਜੁਲਾਈ
ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਰਕਾਰਾਂ ਦੇ ਅੜੀਅਲ ਵਤੀਰੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਸ਼੍ਰੋਮਣੀ ਕਮੇਟੀ ਸਾਰੇ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਹੋਰਡਿੰਗ ਬੋਰਡ ਲਾਵੇਗੀ। ਸ਼੍ਰੋਮਣੀ ਕਮੇਟੀ ਨੇ ਇਹ ਫ਼ੈਸਲਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਨੂੰ ਦਿੱਤੇ ਗਏ ਆਦੇਸ਼ ਦੇ ਮੱਦੇਨਜ਼ਰ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕੀਰਤਪੁਰ ਵਿੱਚ ਜਥੇਦਾਰ ਵੱਲੋਂ ਆਪਣੇ ਸੰਬੋਧਨ ਦੌਰਾਨ ਸੰਗਤ ਨੂੰ ਆਦੇਸ਼ ਕੀਤਾ ਗਿਆ ਸੀ ਕਿ ਬੰਦੀ ਸਿੰਘਾਂ ਨਾਲ ਹੋ ਰਹੇ ਧੱਕੇ ਦਾ ਵਿਰੋਧ ਕੀਤਾ ਜਾਵੇ ਅਤੇ ਇਸ ਲਈ ਗੁਰੂ ਘਰਾਂ ਅਤੇ ਹੋਰ ਅਦਾਰਿਆਂ ਦੇ ਬਾਹਰ ਵੱਡੇ ਬੋਰਡ ਤਿਆਰ ਕਰਵਾ ਕੇ ਸਥਾਪਤ ਕੀਤੇ ਜਾਣ। ਇਨ੍ਹਾਂ ਬੋਰਡਾਂ ’ਤੇ ਬੰਦੀ ਸਿੰਘਾਂ ਦੀਆਂ ਤਸਵੀਰਾਂ ਸਮੇਤ ਉਨ੍ਹਾਂ ਦੀਆਂ ਸਜ਼ਾਵਾਂ ਅਤੇ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਜਾਵੇ। ਸ੍ਰੀ ਧਾਮੀ ਨੇ ਆਖਿਆ ਕਿ ਇਸ ਆਦੇਸ਼ ਮਗਰੋਂ ਸ਼੍ਰੋਮਣੀ ਕਮੇਟੀ ਨੇ ਆਪਣੇ ਪ੍ਰਬੰਧ ਵਾਲੇ ਗੁਰਦੁਆਰਿਆਂ ਅਤੇ ਵਿਦਿਅਕ ਅਦਾਰਿਆਂ ’ਚ ਇਹ ਬੋਰਡ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਬੋਰਡ ਗੁਰਦੁਆਰਿਆਂ ਦੇ ਮੁੱਖ ਦੁਆਰਾਂ ਅਤੇ ਵਿਦਿਅਕ ਅਦਾਰਿਆਂ ਵਿਚ ਵੀ ਢੁੱਕਵੀਆਂ ਥਾਵਾਂ ’ਤੇ ਲਗਾਏ ਜਾਣਗੇ। ਬੋਰਡਾਂ ਦੀ ਇਬਾਰਤ ਤਿਆਰ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੂੰ ਕਿਹਾ ਗਿਆ ਹੈ ਅਤੇ ਜਲਦ ਹੀ ਇਹ ਕਾਰਜ ਮੁਕੰਮਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਲਈ ਪੱਤਰ ਲਿਖੇ ਸਨ, ਜਿਸ ਪ੍ਰਤੀ ਅਜੇ ਤੱਕ ਹੁੰਗਾਰਾ ਨਹੀਂ ਮਿਲਿਆ। ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਨੂੰ ਆਖਿਆ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕਰਨਾ ਸਿੱਖਾਂ ਦਾ ਹੱਕ ਹੈ ਕਿਉਂਕਿ ਇਹ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਹੋਣ ਤੋਂ ਬਾਦ ਵੀ ਜੇਲ੍ਹਾਂ ਵਿਚ ਬੰਦ ਹਨ ਅਤੇ ਸਰਕਾਰਾਂ ਦੇ ਇਹ ਫੈਸਲੇ ਮਨੁੱਖੀ ਹੱਕਾਂ ਦਾ ਘਾਣ ਹਨ।
ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕੀਤਾ ਗਿਆ ਹੈ: ਬਿੱਟੂ
ਲੁਧਿਆਣਾ (ਟਨਸ): ਪਿਛਲੇ ਦਿਨੀਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਦਿੱਤੇ ਬਿਆਨ ਤੋਂ ਬਾਅਦ ਅੱਜ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਟਵੀਟ ਕੀਤਾ। ਬਿੱਟੂ ਨੇ ਆਖਿਆ ਕਿ ਜਥੇਦਾਰ ਸਾਹਿਬ, ਸ਼੍ਰੋਮਣੀ ਕਮੇਟੀ ਕਮਜ਼ੋਰ ਨਹੀਂ ਹੈ, ਬਲਕਿ ਇਸ ਨੂੰ ਕਮਜ਼ੋਰ ਕੀਤਾ ਗਿਆ ਹੈ ਤੇ ਇਸ ਦਾ ਰੁਤਬਾ ਖ਼ਤਮ ਕਰ ਦਿੱਤਾ ਗਿਆ ਹੈ। ਜਥੇਦਾਰ ਤੇ ਪ੍ਰਧਾਨ ਗੁਰਬਾਣੀ ਨਾਲ ਗੁਰੂਆਂ ਦੇ ਸੰਦੇਸ਼ ਲੋਕਾਂ ਤੱਕ ਪਹੁੰਚਾਉਣ ਦੀ ਜ਼ਿੰਮੇਵਾਰੀ ਭੁੱਲ ਚੁੱਕੇ ਹਨ। ਉਨ੍ਹਾਂ ਜਥੇਦਾਰ ਨੂੰ ਸੰਬੋਧਨ ਹੁੰਦਿਆਂ ਆਖਿਆ ਕਿ ਉਹ ਸਿੱਖਾਂ ਨੂੰ ਗੁਰਬਾਣੀ ਨਾਲ ਜੋੜਨ ਦੀ ਥਾਂ ਖਾੜਕੂਆਂ, ਲੁਟੇਰਿਆਂ ਦੀਆਂ ਤਸਵੀਰਾਂ ਗੁਰੂ ਘਰਾਂ ਵਿੱਚ ਲਾਣਉਗੇ, ਉਨ੍ਹਾਂ ਦੀ ਰਿਹਾਈ ਦੀ ਕੋਸ਼ਿਸ਼ ਕਰਦੇ ਰਹਿਣਗੇ ਤਾਂ ਉਨ੍ਹਾਂ ਦੀ ਕੌਣ ਸੁਣੇਗਾ। ਉਨ੍ਹਾਂ ਆਖਿਆ ਕਿ ਜੋ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਾਦਲਾਂ ਦੇ ਇਸ਼ਾਰੇ ’ਤੇ ਚੱਲੇਗਾ, ਉਹ ਬਾਦਲਾਂ ਦੀ ਤਰ੍ਹਾਂ ਖ਼ਤਮ ਹੋ ਜਾਵੇਗਾ। ਬਿੱਟੂ ਨੇ ਅੰਤ ਵਿੱਚ ਆਖਿਆ ਕਿ ਉਸ ਦੀ ਬੇਨਤੀ ਹੈ ਕਿ ਲੋਕਾਂ ਨੂੰ ਗੁਰਬਾਣੀ ਨਾਲ ਜੋੜਨ ਵਾਲੇ ਵਿਅਕਤੀ ਨੂੰ ਜਥੇਦਾਰ ਲਾਇਆ ਜਾਵੇ।