ਲੁਧਿਆਣਾ (ਗਗਨਦੀਪ ਅਰੋੜਾ): ਲੁਧਿਆਣਾ ਵਿੱਚ ਬੰਬ ਧਮਾਕੇ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦੇ ਮੁਲਜ਼ਮ ਰਣਜੀਤ ਸਿੰਘ ਉਰਫ਼ ਚੀਤਾ ਅਤੇ ਸੁਖਵਿੰਦਰ ਉਰਫ਼ ਬਾਕਸਰ ਬਾਬਾ ਨੂੰ ਪੁਲੀਸ ਨੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਦੋਹਾਂ ਨੂੰ ਇੱਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲੀਸ ਅਧਿਕਾਰੀ ਅਤੇ ਜਾਂਚ ਏਜੰਸੀਆਂ ਲਗਾਤਾਰ ਪੁੱਛਗਿਛ ਕਰ ਰਹੀਆਂ ਹਨ। ਉੱਧਰ, ਇਸ ਮਾਮਲੇ ਵਿੱਚ ਪੁਲੀਸ ਨੇ ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਵਾਸੀ ਪਿੰਡ ਢੋਲਣ ਬੂਟਾ ਸਿੰਘ ਅਤੇ ਮਨਪ੍ਰੀਤ ਸਿੰਘ ਨੂੰ ਵੀ ਪ੍ਰੋਡਕਸ਼ਨ ਵਾਰੰਟ ’ਤੇ ਲੈ ਆਉਂਦਾ ਹੈ। ਡੀਸੀਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਦੋਹਾਂ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਵਿੱਚ ਅਦਾਲਤ ’ਚ ਪੇਸ਼ ਕੀਤਾ ਗਿਆ ਹੈ, ਜਿੱਥੋਂ ਦੋਹਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਅਤੇ ਦੋਹਾਂ ਕੋਲੇਂ ਪੁੱਛਗਿਛ ਸ਼ੁਰੂ ਕਰ ਦਿੱਤੀ ਗਈ ਹੈ।