ਐੱਸਏਐੱਸ ਨਗਰ (ਮੁਹਾਲੀ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬੀਤੇ ਦਿਨੀਂ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਅਰਬਨ ਡਿਵੈਲਪਮੈਂਟ ਅਥਾਰਿਟੀ (ਪੁੱਡਾ) ਦੇ ਸੈਕਸ਼ਨ ਅਫ਼ਸਰ ਦਵਿੰਦਰ ਕੁਮਾਰ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਟੀਮ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਦੱਸਿਆ ਕਿ ਗ੍ਰਿਫ਼ਤਾਰੀ ਮਗਰੋਂ ਪੁੱਡਾ ਮੁਲਾਜ਼ਮ ਦੇ ਮੁਹਾਲੀ ਸਥਿਤ ਘਰ ਦੀ ਤਲਾਸ਼ੀ ਦੌਰਾਨ 9 ਲੱਖ ਰੁਪਏ ਹੋਰ ਬਰਾਮਦ ਕੀਤੇ ਗਏ ਹਨ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁੱਡਾ ਮੁਲਾਜ਼ਮ ਨੂੰ ਨਿਰਮਲ ਸਿੰਘ ਵਾਸੀ ਫੇਜ਼-11 ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। -ਪੱਤਰ ਪ੍ਰੇਰਕ