ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਫਰਵਰੀ
ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਕਰਜ਼ਾ ਵਸੂਲੀ ਲਈ ਨੋਟਿਸ ਭੇਜ ਕੇ ਔਰਤਾਂ ਨੂੰ ਤੰਗ ਪ੍ਰੇਸ਼ਾਨ ਕਰਨ ਖ਼ਿਲਾਫ਼ ਅੱਜ ਮਜ਼ਦੂਰ ਔਰਤਾਂ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਐੱਸਐੱਸਪੀ ਦਫ਼ਤਰ ਅੱਗੇ ਪ੍ਰਦਰਸ਼ਨ ਕੀਤਾ ਅਤੇ ਕੰਪਨੀਆਂ ਵੱਲੋਂ ਭੇਜੇ ਨੋਟਿਸਾਂ ਦੀਆਂ ਕਾਪੀਆਂ ਸਾੜੀਆਂ। ਇਸ ਦੌਰਾਨ ਕਮੇਟੀ ਦਾ ਵਫਦ ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲਿਆ ਜਿਸ ਨੇ ਔਰਤਾਂ ਨੂੰ ਪ੍ਰੇਸ਼ਾਨ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਜ਼ੋਨਲ ਸਕੱਤਰ ਪਰਮਜੀਤ ਕੌਰ ਲੌਂਗੋਵਾਲ ਅਤੇ ਬਲਾਕ ਪ੍ਰਧਾਨ ਜਸਵੰਤ ਸਿੰਘ ਖੇੜੀ ਨੇ ਕਿਹਾ ਕਿ ਮਾਈਕਰੋ ਫਾਈਨਾਂਸ ਕੰਪਨੀਆਂ ਵੱਲੋਂ ਗਰੀਬ ਮਜ਼ਦੂਰ ਔਰਤਾਂ ਨੂੰ ਜਬਰੀ ਵਸੂਲੀ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕੰਪਨੀਆਂ ਵੱਲੋਂ ਕਰਜ਼ਾ ਵਸੂਲੀ ਲਈ ਨੋਟਿਸ ਭੇਜੇ ਜਾ ਰਹੇ ਹਨ ਜਦੋਂਕਿ ਇਹ ਮਾਮਲਾ ਪਹਿਲਾਂ ਹੀ ਅਦਾਲਤ ਵਿਚ ਸੁਣਵਾਈ ਅਧੀਨ ਹੈ। ਉਨ੍ਹਾਂ ਕਿਹਾ ਕਿ ਗਰੀਬ ਪਰਿਵਾਰ ਪਹਿਲਾਂ ਹੀ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਹਨ ਪਰ ਹੁਣ ਫਾਈਨਾਂਸ ਕੰਪਨੀਆਂ ਵੱਲੋਂ ਕਰਜ਼ਾ ਵਸੂਲੀ ਲਈ ਨੋਟਿਸ ਭੇਜ ਕੇ ਹੋਰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਕਾਰਨ ਗਰੀਬ ਔਰਤਾਂ ਮਾਨਸਿਕ ਪ੍ਰੇਸ਼ਾਨ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਰਜ਼ਈ ਔਰਤਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਲਾਗੂ ਕਰਕੇ ਮਜ਼ਦੂਰ ਔਰਤਾਂ ਕੋਲੋਂ ਖੇਤੀ ਦੇ ਸਿਰ ’ਤੇ ਚਲਦਾ ਰੁਜ਼ਗਾਰ ਖੋਹ ਰਹੀ ਹੈ ਪਰੰਤੂ ਦੂਜੇ ਪਾਸੇ ਫਾਈਨਾਂਸ ਕੰਪਨੀਆਂ ਮੋਟਾ ਵਿਆਜ ਲਗਾ ਕੇ ਗਰੀਬਾਂ ਨੂੰ ਆਰਥਿਕ ਢਾਹ ਲਗਾ ਰਹੀਆਂ ਹਨ।