ਪਾਲ ਸਿੰਘ ਨੌਲੀ
ਜਲੰਧਰ, 20 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਭਾਜਪਾ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਸਣੇ 6 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਕੋਲ ਦਾਖਲ ਕਰਵਾਏ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸ਼ੀਤਲ ਅੰਗੁਰਾਲ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਰਬਜੀਤ ਸਿੰਘ, ਬਸਪਾ ਦੇ ਉਮੀਦਵਾਰ ਬਿੰਦਰ ਕੁਮਾਰ ਲਾਖਾ, ਰਾਸ਼ਟਰੀ ਏਕਤਾ ਪਾਰਟੀ ਦੇ ਉਮੀਦਵਾਰ ਇਕਬਾਲ ਚੰਦ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ। ਇਸ ਤੋਂ ਇਲਾਵਾ ਦੋ ਆਜ਼ਾਦ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਨ੍ਹਾਂ ਵਿੱਚ ਨੀਟੂ ਸ਼ਟਰਾਂ ਵਾਲਾ ਅਤੇ ਅਜੈ ਕੁਮਾਰ ਭਗਤ ਸ਼ਾਮਲ ਹਨ। ਹੁਣ ਤੱਕ ਕੁੱਲ ਨੌਂ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾ ਦਿੱਤੇ ਹਨ। ਸ਼ੀਤਲ ਅੰਗੁਰਾਲ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਸਾਬਕਾ ਐੱਮਪੀ ਸੁਸ਼ੀਲ ਕੁਮਾਰ ਰਿੰਕੂ, ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਵਿਧਾਇਕ ਕੇਡੀ ਭੰਡਾਰੀ ਅਤੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ ਹਾਜ਼ਰ ਸਨ। ਬਸਪਾ ਦੇ ਉਮੀਦਵਾਰ ਨਾਲ ਪਾਰਟੀ ਦੇ ਵਿਧਾਇਕ ਡਾ. ਨੱਛਤਰਪਾਲ, ਸੂਬਾਈ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਗੁਰਨਾਮ ਚੌਧਰੀ ਅਤੇ ਜਲੰਧਰ ਪੱਛਮੀ ਦੇ ਇੰਚਾਰਜ ਦਵਿੰਦਰ ਗੋਗਾ ਵੀ ਹਾਜ਼ਰ ਸਨ। ਨੀਟੂ ਸ਼ਟਰਾਂ ਵਾਲੇ ਨਾਲ ਕਾਗ਼ਜ ਦਾਖ਼ਲ ਕਰਨ ਸਮੇਂ ਦੋ ਸਮਰਥਕ ਸਨ। ਇਸ ਤੋਂ ਇਲਾਵਾ ਅੰਜੂ ਅੰਗੁਰਾਲ ਵੱਲੋਂ ਭਾਜਪਾ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। 21 ਜੂਨ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।