ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਜੂਨ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਨੌਜਵਾਨ ਭਾਰਤ ਸਭਾ ਅਤੇ ਕਿਰਤੀ ਕਿਸਾਨ ਯੂਨੀਅਨ ਵੱਲੋਂ ਕੀਤੀ ਗਈ ਮੀਟਿੰਗ ਦੌਰਾਨ ਅੱਜ ਸੰਗਰੂਰ ਹਲਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਚੋਣ ਲੜ ਰਹੀਆਂ ਸਿਆਸੀ ਪਾਰਟੀਆਂ ’ਚੋਂ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਨਾ ਪਾਉਣ ਅਤੇ ਸਿਰਫ਼ ਸੰਘਰਸ਼ਾਂ ਉਪਰ ਹੀ ਟੇਕ ਰੱਖਣ। ਜੇਕਰ ਫ਼ਿਰ ਵੀ ਲੋਕ ਬੂਥ ਤੱਕ ਜਾਂਦੇ ਹਨ ਤਾਂ ‘ਨੋਟਾ’ ਦਾ ਬਟਨ ਦੱਬ ਕੇ ਸਾਬਤ ਕਰਨ ਕੇ ਚੋਣ ਲੜ ਰਹੇ ਉਮੀਦਵਾਰਾਂ ਵਿੱਚੋਂ ਉਨ੍ਹਾਂ ਨੂੰ ਕੋਈ ਵੀ ਪਸੰਦ ਨਹੀਂ ਹੈ। ਇਥੇ ਗਦਰ ਮੈਮੋਰੀਅਲ ਭਵਨ ਵਿੱਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ, ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਸਿੰਘ ਚੌਂਦਾ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਲੌਂਗੋਵਾਲ ਨੇ ਕਿਹਾ ਕਿ ਚੋਣਾਂ ਲੜ ਰਹੀ ਕਿਸੇ ਵੀ ਪਾਰਟੀ ਕੋਲ ਲੋਕਾਂ ਦੀ ਭਲਾਈ ਲਈ ਕੋਈ ਪ੍ਰੋਗਰਾਮ ਨਹੀਂ ਹੈ। ਉਨ੍ਹਾਂ ਕਿਹਾ ਕਿ ਹਾਕਮ ਜਮਾਤੀ ਪਾਰਟੀਆਂ ਹਮੇਸ਼ਾ ਖੇਤੀ ਮਾਡਲ ਦੀ ਗੱਲ ਕਰਦੀਆਂ ਰਹੀਆਂ ਹਨ, ਪਰ ਹੰਢਣਸਾਰ ਹਕੀਕੀ ਖੇਤੀ ਮਾਡਲ ਤੋਂ ਭੱਜਦੀਆਂ ਹਨ। ਸਰਕਾਰ ਇੱਕ ਪਾਸੇ ਪਾਣੀ ਬਚਾਉਣ ਦੀ ਗੱਲ ਕਰ ਰਹੀ ਹੈ, ਪਰ ਦੂਸਰੇ ਪਾਸੇ ਪੰਜਾਬ ਦੀਆਂ ਨਹਿਰਾਂ ਖਾਲੀ ਹਨ। ਮੂੰਗੀ ’ਤੇ ਐੱਮਐੱਸਪੀ ਦੇ ਦਾਅਵੇ ਝੂਠ ਸਾਬਤ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਦੇਸ਼ੀ ਕੰਪਨੀਆਂ ਨੇ ਬੀਜਾਂ ’ਤੇ ਕਬਜ਼ਾ ਕੀਤਾ ਹੋਇਆ ਹੈ ਤੇ ਸਿਰਫ਼ ਉਹੀ ਬੀਜ ਬੀਜੇ ਜਾ ਰਹੇ ਹਨ, ਜਿਨ੍ਹਾਂ ਲਈ ਦਵਾਈਆਂ ਦੀ ਲੋੜ ਹੁੰਦੀ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਪਾਉਣ ਦੀ ਥਾਂ ਸਿਰਫ਼ ‘ਨੋਟਾ’ ਦਾ ਬਟਨ ਦੱਬਿਆ ਜਾਵੇ।