ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਦਸੰਬਰ
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਅੱਜ ਕਿਸਾਨ ਬੁਲਾਰਿਆਂ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਦੇ ਮਾਮਲੇ ’ਤੇ ਚਿੰਤਾ ਪ੍ਰਗਟ ਕਰਦਿਆਂ ‘ਖੁਦਕੁਸ਼ੀ ਨਹੀਂ ਸੰਘਰਸ਼’ ਦਾ ਰਾਹ ਅਪਣਾਉਣ ਦਾ ਸੱਦਾ ਦਿੱਤਾ ਹੈ। ਸੂਬੇ ਵਿੱਚ ਟੌਲ ਪਲਾਜ਼ਿਆਂ, ਕਾਰਪੋਰੇਟ ਘਰਾਣਿਆਂ ਦੇ ਵਪਾਰਕ ਟਿਕਾਣਿਆਂ, ਭਾਜਪਾ ਆਗੂਆਂ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਖੁਦਕੁਸ਼ੀ ਕਿਸੇ ਵੀ ਮਸਲੇ ਦਾ ਹੱਲ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਦੇ ਹਰ ਸੰਕਟ ਦਾ ਹੱਲ ਕੇਵਲ ਸੰਘਰਸ਼ ਹੈ। ਇਸ ਲਈ ਕਿਸਾਨਾਂ ਨੂੰ ਮੌਤ ਗਲ ਲਾਉਣ ਦੀ ਥਾਂ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਨਿਰਾਸ਼ਾ ’ਚੋਂ ਨਿਕਲਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਸਿਆਸਤ ਬਦਲ ਰਹੀ ਹੈ।