ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਦਸੰਬਰ
ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸੂਬੇ ਵਿੱਚ ਕਰੀਬ ਸਵਾ ਸੌ ਤੋਂ ਵੱਧ ਥਾਵਾਂ ’ਤੇ ਜਾਰੀ ਇਨ੍ਹਾਂ ਧਰਨਿਆਂ ਦੇ ਅੱਜ 428ਵੇਂ ਦਿਨ ਕਿਸਾਨ ਆਗੂਆਂ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਤੋਮਰ ਅਤੇ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਅੰਕੜਿਆਂ ਤੋਂ ਮੁਨਕਰ ਹੋ ਕੇ ਮੋਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਸੰਘਰਸ਼ ਦੇ ਦਬਾਅ ਅਧੀਨ ਵਾਪਸ ਲਏ ਹਨ ਪਰ ਸਰਕਾਰ ਦਾ ਕਿਸਾਨ ਵਿਰੋਧੀ ਨਜ਼ਰੀਆ ਨਹੀਂ ਬਦਲਿਆ। ਬੁਲਾਰਿਆਂ ਨੇ ਖੇਤੀ ਮੰਤਰੀ ਵੱਲੋਂ ਸੰਸਦ ਵਿੱਚ ਦਿੱਤੇ ਬਿਆਨ ਦਾ ਗੰਭੀਰ ਨੋਟਿਸ ਲਿਆ, ਜਿਸ ਵਿੱਚ ਉਸ ਨੇ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਅੰਕੜੇ ਉਪਲੱਬਧ ਨਾ ਹੋਣ ਦੀ ਗੱਲ ਆਖੀ ਸੀ। ਕੇਂਦਰੀ ਖੇਤੀ ਮੰਤਰੀ ਨੇ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੋਂ ਨਾਂਹ ਕਰਦਿਆਂ ਕਿਹਾ ਸੀ ਕਿ ਅੰਕੜੇ ਨਾ ਹੋਣ ਦੀ ਸੂਰਤ ਵਿੱਚ ਮੁਆਵਜ਼ਾ ਦੇਣ ਦੀ ਗੱਲ ਕਿਵੇਂ ਕੀਤੀ ਜਾ ਸਕਦੀ ਹੈ। ਆਗੂਆਂ ਨੇ ਕਿਹਾ ਕਿ ਇਸ ਤੋਂ ਵੱਧ ਗੈਰ-ਸੰਵੇਦਨਸ਼ੀਲ, ਦੁਖਦਾਈ ਬਿਆਨ ਹੋਰ ਕੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਹੋਣ ਵਾਲੇ ਕਿਸਾਨਾਂ ਦੇ ਅੰਕੜੇ ਸੰਯੁਕਤ ਕਿਸਾਨ ਮੋਰਚੇ ਕੋਲ ਮੌਜੂਦ ਹਨ, ਇਸ ਲਈ ਸਰਕਾਰ ਮੋਰਚੇ ਤੋਂ ਅੰਕੜੇ ਲੈ ਕੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਮੁਆਵਜ਼ਾ ਦੇਵੇ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਮੋਰਚੇ ਦੀ ਲੀਡਰਸ਼ਿਪ ਨੂੰ ਗੱਲਬਾਤ ਲਈ ਸੱਦੇ ਤੇ ਬਾਕੀ ਮੰਗਾਂ ਬਾਰੇ ਸਟੈਂਡ ਸਾਫ਼ ਕਰੇ।