ਦਵਿੰਦਰ ਪਾਲ
ਚੰਡੀਗੜ੍ਹ, 25 ਮਾਰਚ
ਪੰਜਾਬ ਦੇ ਸੰਘਰਸ਼ੀ ਅਖਾੜਿਆਂ ਤੋਂ ਕਿਸਾਨਾਂ ਨੇ ਭਲਕੇ ਦੇਸ਼ ਵਿਆਪੀ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਹਰ ਵਰਗ ਨੂੰ ਯੋਗਦਾਨ ਪਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਦੀ ਏਕਤਾ ਹੀ ਫਿਰਕਾਪ੍ਰਸਤ ਅਤੇ ਤਾਨਾਸ਼ਾਹ ਸਰਕਾਰ ਦੀਆਂ ਦਮਨਕਾਰੀ ਨੀਤੀਆਂ ਨੂੰ ਰੱਦ ਕਰਾਉਣ ਦਾ ਇੱਕ ਸਾਧਨ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਭਲਕੇ ਸਮੁੱਚੇ ਪੰਜਾਬ ’ਚ ਬੰਦ ਨੂੰ ਕਾਮਯਾਬ ਕਰਨ ਲਈ ਵਾਲੰਟੀਅਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਹਨ। ਇਸ ਲਈ ਕਿਸਾਨਾਂ, ਔਰਤਾਂ, ਮੁਲਾਜ਼ਮਾਂ, ਕਿਰਤੀਆਂ, ਦੁਕਾਨਕਾਰਾਂ ਤੇ ਕਾਰੋਬਾਰੀਆਂ ਦੇ ਸਮੂਹ ਕੇਂਦਰ ਸਰਕਾਰ ਖ਼ਿਲਾਫ਼ ਸੜਕਾਂ ’ਤੇ ਨਿੱਤਰਨਗੇ।
ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਨੇਤਾਵਾਂ ਦੇ ਘਰਾਂ ਅੱਗੇ, ਟੌਲ ਪਲਾਜ਼ਿਆਂ ਉੱਪਰ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟਾਂ ਅਤੇ ਮੋਗਾ ਦੇ ਸਾਈਲੋ ਦੇ ਬਾਹਰ ਸਮੇਤ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਕਿਸਾਨ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਖ਼ਿਲਾਫ਼ ਛੇ ਮਹੀਨਿਆਂ ਤੋਂ ਚੱਲ ਰਹੇ ਸ਼ਾਂਤਮਈ ਅੰਦੋਲਨ ਨੂੰ ਕਾਮਯਾਬ ਕਰਨ ਲਈ ਸੰਯੁਕਤ ਮੋਰਚੇ ਦੇ ਹਰ ਪ੍ਰੋਗਰਾਮ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ, ਬੀਕੇਯੂ (ਏਕਤਾ ਉਗਰਾਹਾਂ) ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਕਿਸਾਨ ਆਗੂ ਪ੍ਰੇਮ ਸਿੰਘ ਭੰਗੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਅਤੇ ਹੋਰਨਾਂ ਨੇ ਵੱਖੋ ਵੱਖਰੇ ਬਿਆਨਾਂ ਰਾਹੀਂ ਦੱਸਿਆ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ’ਤੇ ਸੂਬੇ ’ਚ ਮੁਕੰਮਲ ਬੰਦ ਰਹਿਣ ਦੇ ਆਸਾਰ ਹਨ। ਸਵੇਰੇ 6 ਤੋਂ ਸ਼ਾਮ 6 ਵਜੇ ਤੱਕ ਮੁਕੰਮਲ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਾਰੀਆਂ ਦੁਕਾਨਾਂ, ਸ਼ਾਪਿੰਗ ਮਾਲ ਅਤੇ ਸੰਸਥਾਵਾਂ ਬੰਦ ਰਹਿਣਗੀਆਂ, ਸੜਕਾਂ ਅਤੇ ਰੇਲਾਂ ਜਾਮ ਰਹਿਣਗੀਆਂ, ਜ਼ਰੂਰੀ ਸੇਵਾਵਾਂ ਨੂੰ ਛੱਡ ਕੇ ਸਾਰੀਆਂ ਸੇਵਾਵਾਂ ਬੰਦ ਰਹਿਣਗੀਆਂ।
ਹਰਿਆਣਾ ਵਿੱਚ ਬੰਦ ਦੀਆਂ ਤਿਆਰੀਆਂ ਮੁਕੰਮਲ
ਚੰਡੀਗੜ੍ਹ (ਆਤਿਸ਼ ਗੁਪਤਾ): ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਕਿਸਾਨ ਆਗੂਆਂ ਨੇ ਸੂਬੇ ਦੀ ਵੱਖ-ਵੱਖ ਟਰੇਡ ਯੂਨੀਅਨਾਂ, ਵਪਾਰ ਮੰਡਲਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਨਾਲ ਮੀਟਿੰਗਾਂ ਕਰਕੇ ਬੰਦ ਨੂੰ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ, ਜਿਸ ਦੀ ਹਰ ਵਰਗ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਅਤੇ ਖਾਪ ਪੰਚਾਇਤਾਂ ਨੇ ਮੀਟਿੰਗਾਂ ਕਰਕੇ ਬੰਦ ਨੂੰ ਕਾਮਯਾਬ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਉਧਰ ਅਖਿਲ ਭਾਰਤੀ ਵਪਾਰ ਮੰਡਲ ਨੇ ਵੀ 26 ਮਾਰਚ ਨੂੰ ਸੂਬੇ ਦੀਆਂ ਮੰਡੀਆਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਦਿਨ ਕਿਸੇ ਵੀ ਫ਼ਸਲ ਦੀ ਖਰੀਦੋ-ਫ਼ਰੋਖਤ ਨਹੀਂ ਕੀਤੀ ਜਾਵੇਗੀ। ਵਪਾਰ ਮੰਡਲ ਦੇ ਕੌਮੀ ਜਨਰਲ ਸਕੱਤਰ ਬਜਰੰਗ ਗਰਗ ਨੇ ਬੰਦ ਦੀ ਹਮਾਇਤ ਕਰਦਿਆਂ ਕਿਹਾ ਕਿ ਪ੍ਰਾਈਵੇਟ ਮੰਡੀਆਂ ਦੀ ਆਮਦ ’ਤੇ ਸਰਕਾਰੀ ਮੰਡੀਆਂ ਬੰਦ ਹੋ ਜਾਣਗੀਆਂ। ਸੂਬੇ ਦੀਆਂ ਖਾਪ ਪੰਚਾਇਤਾਂ ਨੇ ਵੀ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਦਿਆਂ ਭਾਰਤ ਬੰਦ ਮੌਕੇ ਦਿੱਤੇ ਜਾਣ ਵਾਲੇ ਧਰਨਿਆਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਸਬੰਧੀ ਚਰਖੀ ਦਾਦਰੀ ਵਿੱਚ ਅੱਧਾ ਦਰਜਨ ਦੇ ਕਰੀਬ ਖਾਪ ਪੰਚਾਇਤਾਂ ਨੇ ਸਾਂਝੇ ਤੌਰ ’ਤੇ ਮੀਟਿੰਗ ਕੀਤੀ। ਮੀਟਿੰਗ ਵਿੱਚ ਫੌਗਾਟ ਖਾਪ ਨੇ ਸੜਕਾਂ ਜਾਮ ਕਰਨ ਅਤੇ ਸਾਂਗਵਾਨ ਖਾਪ ਨੇ ਰੇਲ ਮਾਰਗ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਹੋਰਨਾਂ ਖਾਪਾਂ ਨੇ ਸ਼ਹਿਰ ਦੇ ਅੰਦਰੂਨੀ ਬਾਜ਼ਾਰ ਬੰਦ ਰੱਖੇ ਜਾਣਗੇ। ਇਸੇ ਦੌਰਾਨ ਭਾਰਤ ਬੰਦ ਦੇ ਸੱਦੇ ਦੀ ਹਰਿਆਣਾ ਦੀ ਰਾਜਨੀਤਕ ਪਾਰਟੀ ਇਨੈਲੋ ਨੇ ਹਮਾਇਤ ਕੀਤੀ ਹੈ। ਪਾਰਟੀ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਪਾਰਟੀ ਦੇ ਆਗੂ ਰਾਜਨੀਤੀ ਤੋਂ ਉੱਪਰ ਉੱਠ ਕੇ ਕਿਸਾਨ ਧਰਨਿਆਂ ਵਿੱਚ ਹਿੱਸਾ ਲੈਣਗੇ। ਭਾਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਪ੍ਰਧਾਨ ਰਵੀ ਆਜ਼ਾਦ ਨੇ ਦੱਸਿਆ ਕਿ ਭਾਰਤ ਬੰਦ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਐਂਬੂਲੈਂਸ, ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ, ਵਿਆਹ ਸਮਾਗਮ ਵਾਲੇ ਵਾਹਨਾਂ ਅਤੇ ਫੌਜ ਦੀਆਂ ਗੱਡੀਆਂ ਨੂੰ ਨਾ ਰੋਕਿਆ ਜਾਵੇ।