ਹਰਪ੍ਰੀਤ ਕੌਰ
ਹੁਸ਼ਿਆਰਪੁਰ, 26 ਅਕਤੂਬਰ
ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਸਥਾਨਕ ਡੀ.ਏ.ਵੀ, ਬੀ.ਐੱਡ ਕਾਲਜ ਵਿੱਚ ਚੌਕਸੀ ਜਾਗਰੂਕਤਾ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਡਟਣ ਦਾ ਸੱਦਾ ਦਿੰਦਿਆ ਇਸ ਗੱਲ ’ਤੇ ਜ਼ੋਰ ਦਿੱਤਾ ਗਿਆ ਕਿ ਸਮਾਜ ਵਿੱਚ ਪ੍ਰਚਲਿਤ ਭ੍ਰਿਸ਼ਟ ਕਾਰਵਾਈਆਂ ਦੀ ਅਸਰਦਾਰ ਰੋਕਥਾਮ ਲਈ ਬਿਨਾ ਕਿਸੇ ਝਿਜਕ ਸਾਰਿਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਖਤਮ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵੀ ਮੌਜੂਦ ਸਨ। ਉਨ੍ਹਾਂ ਨੇ ਸਾਰਿਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਅਹਿਦ ਦਿਵਾਉਂਦਿਆਂ ਕਿਹਾ ਕਿ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਭ੍ਰਿਸ਼ਟ ਕਾਰਵਾਈ ਦਾ ਹਿੱਸਾ ਨਹੀਂ ਬਣਾਂਗੇ ਅਤੇ ਅਜਿਹੀ ਕਾਰਵਾਈ ਸਾਹਮਣੇ ਆਉਣ ’ਤੇ ਸਮਰੱਥ ਅਥਾਰਟੀ ਨੂੰ ਰਿਪੋਰਟ ਕੀਤੀ ਜਾਵੇਗੀ। ਐੱਸ.ਐੱਸ.ਪੀ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੀਆਂ ਧਿਰਾਂ ਦਾ ਸਹਿਯੋਗ ਲਾਜ਼ਮੀ ਹੈ ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਵਲੋਂ 18 ਸਾਲ ਤੋਂ ਵੱਧ ਉਮਰ ਵਰਗ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਕੇਂਦਰਿਤ ਕਰਕੇ ਉਨ੍ਹਾਂ ਨੂੰ ਭ੍ਰਿਸ਼ਟ ਕਾਰਵਾਈਆਂ ਵਿਰੁੱਧ ਲਾਮਬੰਦ ਕਰਨ ਲਈ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਵੀ ਅਜਿਹੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਵਿਭਾਗ ਦੇ ਟੋਲ ਫ੍ਰੀ ਨੰਬਰ 1800-1800-1000 ਜਾਂ ਵਿਜੀਲੈਂਸ ਬਿਊਰੋ ਦੇ ਦਫਤਰ ਇਸ ਦੀ ਜਾਣਕਾਰੀ ਦੇ ਸਕਦਾ ਹੈ। ਉਦਯੋਗਪਤੀ, ਲੇਖਕ ਅਤੇ ਸਮਾਜਿਕ ਸ਼ਖ਼ਸੀਅਤ ਇੰਦਰਜੀਤ ਸਿੰਘ ਨੇ ਵੀ ਵਿਚਾਰ ਰੱਖੇ। ਕਾਲਜ ਦੀ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਡਟਣ ਦਾ ਸੱਦਾ ਦਿੱਤਾ