ਗੁਰਿੰਦਰ ਸਿੰਘ
ਲੁਧਿਆਣਾ, 28 ਸਤੰਬਰ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਜੰਮੂ-ਕਸ਼ਮੀਰ ਤੇ ਹਰਿਆਣਾ ਚੋਣਾਂ ਦੌਰਾਨ ਭਾਜਪਾ ਲਈ ਚੋਣ ਪ੍ਰਚਾਰ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਨਾਲ ਸੁਧਾਰ ਲਹਿਰ ਆਗੂਆਂ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ।
ਇੱਥੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੁਧਾਰ ਲਹਿਰ ਦੇ ਮੋਢੀ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗਗਨਜੀਤ ਸਿੰਘ ਬਰਨਾਲਾ ਨੇ ਜੰਮੂ ਵਿੱਚ ਭਾਜਪਾ ਲਈ ਚੋਣ ਪ੍ਰਚਾਰ ਕਰ ਕੇ ਸਾਬਤ ਕਰ ਦਿੱਤਾ ਹੈ ਕਿ ਸੁਧਾਰ ਲਹਿਰ ਨਾਗਪੁਰ ਤੋਂ ਹਦਾਇਤਾਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਚੰਦੂਮਾਜਰਾ ਨੇ ਨਾ ਸਿਰਫ਼ ਭਾਜਪਾ ਉਮੀਦਵਾਰ ਲਈ ਵੋਟਾਂ ਮੰਗੀਆਂ ਬਲਕਿ ਵੋਟਰਾਂ ਨਾਲ ਇਹ ਵੀ ਵਾਅਦਾ ਕੀਤਾ ਕਿ ਜੇ ਭਾਜਪਾ ਉਮੀਦਵਾਰ ਚੋਣ ਜਿੱਤ ਜਾਂਦਾ ਹੈ ਤਾਂ ਉਹ ਭਾਜਪਾ ਹਾਈ ਕਮਾਂਡ ਨਾਲ ਗੱਲਬਾਤ ਕਰ ਕੇ ਉਸ ਨੂੰ ਮੰਤਰੀ ਬਣਵਾਉਣਗੇ। ਇਸ ਤੋਂ ਸਾਬਤ ਹੁੰਦਾ ਹੈ ਕਿ ਸੁਧਾਰ ਲਹਿਰ ਹੋਰ ਕੁਝ ਨਹੀਂ ਬਲਕਿ ਆਰਐੱਸਐੱਸ ਅਤੇ ਭਾਜਪਾ ਵੱਲੋਂ ਤਿਆਰ ਕੀਤਾ ਇੱਕ ਸਮੂਹ ਹੈ ਜੋ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਖੜ੍ਹਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਰਐੱਸਐੱਸ ਤੇ ਭਾਜਪਾ ਸਿੱਖ ਸੰਸਥਾਵਾਂ ਤੇ ਸੰਗਠਨਾਂ ਨੂੰ ਤਬਾਹ ਕਰਨਾ ਚਾਹੁੰਦੇ ਹਨ ਪਰ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਇਹ ਮਨਸੂਬੇ ਹਰਗਿਜ਼ ਸਫ਼ਲ ਨਹੀਂ ਹੋਣ ਦੇਵੇਗਾ।
ਅਕਾਲੀ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਯੂਸ਼ਮਾਨ ਭਾਰਤ ਸਕੀਮ ਤਹਿਤ ਕੇਂਦਰੀ ਫੰਡਾਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਦੇ ਜਨਰਲ ਇਜਲਾਸ ਦੀ ਮਿਆਦ ਖਤਮ ਹੋਏ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ ਪਰ ਸਰਕਾਰ ਲੋਕਾਂ ਨੂੰ ਸਥਾਨਕ ਸਰਕਾਰ ਸੰਸਥਾਵਾਂ ਚਲਾਉਣ ਲਈ ਆਪਣੇ ਪ੍ਰਤੀਨਿਧ ਚੁਣਨ ਵਾਸਤੇ ਚੋਣਾਂ ਕਰਵਾਉਣ ਵਿਚ ਨਾਕਾਮ ਰਹੀ ਹੈ।
ਪੰਚਾਇਤ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੋਣਾਂ ਝੋਨੇ ਦੇ ਸੀਜ਼ਨ ਵਿੱਚ ਇਸ ਲਈ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਘੱਟ ਤੋਂ ਘੱਟ ਲੋਕ ਵੋਟਾਂ ਪਾ ਸਕਣ।