ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ (ਮੁਹਾਲੀ), 8 ਦਸੰਬਰ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਵਿਚੋਲਗੀ ਕਰ ਰਹੀ ਹੈ, ਜੋ ਲੋਕਤੰਤਰ ਲਈ ਖ਼ਤਰਨਾਕ ਰੁਝਾਨ ਹੈ। ਉਹ ਅੱਜ ਇੱਥੋਂ ਨਜ਼ਦੀਕੀ ਕਸਬਾ ਲਾਂਡਰਾਂ ਚੌਕ ਵਿੱਚ ਕਿਸਾਨ ਸੰਘਰਸ਼ ਦੀ ਹਮਾਇਤ ’ਚ ਕਾਂਗਰਸ ਵੱਲੋਂ ਲਗਾਏ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਧਰਨੇ ਵਿੱਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਜ਼ਿਲ੍ਹਾ ਪ੍ਰਧਾਨ ਦੀਪਿੰਦਰ ਸਿੰਘ ਢਿੱਲੋਂ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਸਮੇਤ ਸੈਂਕੜੇ ਕਾਂਗਰਸੀ ਵਰਕਰਾਂ, ਪੰਚਾਂ-ਸਰਪੰਚਾਂ ਅਤੇ ਕਿਸਾਨਾਂ ਨੇ ਸ਼ਿਰਕਤ ਕੀਤੀ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਕਾਂਗਰਸ ਪ੍ਰਧਾਨ ਨੇ ਕਿਹਾ ਕਿ ਕੇਂਦਰ ਦੇ ਸੱਤਾਧਾਰੀਆਂ ਅੰਦਰ ਹੰਕਾਰ ਦਾ ਵਾਇਰਸ ਵੀ ਲੋਕਤੰਤਰ ਲਈ ਵੱਡਾ ਖ਼ਤਰਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਢੰਗ ਨਾਲ ਚੁਣੀ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਨੀ ਹੁੰਦੀ ਹੈ ਪਰ ਭਾਜਪਾ ਸਰਕਰ ਨੇ ਆਪਣੀ ਹੈਂਕੜ ਅਤੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਲਈ ਲੋਕਾਂ ਦੇ ਹਿੱਤਾਂ ਨੂੰ ਵਿਸਾਰ ਦਿੱਤਾ ਹੈ। ਦੇਸ਼ ਦੇ ਅੰਨਦਾਤਿਆਂ ਪ੍ਰਤੀ ਕੇਂਦਰ ਦਾ ਅੜੀਅਲ ਰਵੱਈਆ ਦੇਸ਼ ਲਈ ਖ਼ਤਰਨਾਕ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨਾਂ ਨੇ ਪੂਰੇ ਦੇਸ਼ ਅਤੇ ਦੁਨੀਆਂ ਦੇ ਕਿਸਾਨਾਂ ਨੂੰ ਨਵਾਂ ਰਾਹ ਵਿਖਾਇਆ ਹੈ ਪਰ ਭਾਜਪਾਈ ਨੀਲੇ ਅੰਬਰਾਂ ਹੇਠ ਠੰਢੀਆਂ ਰਾਤਾਂ ਵਿੱਚ ਸੰਘਰਸ਼ ਕਰ ਰਹੇ ਕਿਸਾਨਾਂ ਦੀਆਂ ਤਕਲੀਫ਼ਾਂ ਵੱਲ ਧਿਆਨ ਨਹੀਂ ਦੇ ਰਹੇ। ਉਨ੍ਹਾਂ ਕਿਸਾਨਾਂ ਪ੍ਰਤੀ ਅਪਮਾਨਜਨਕ ਟਿੱਪਣੀਆਂ ਦਾ ਗੰਭੀਰ ਨੋਟਿਸ ਲੈਂਦਿਆਂ ਕੇਂਦਰ ਕੋਲੋਂ ਖੇਤੀ ਕਾਨੂੰਨ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਇਨਫ਼ੋਟੈੱਕ ਦੇ ਉਪ ਚੇਅਰਮੈਨ ਯਾਦਵਿੰਦਰ ਸਿੰਘ ਕੰਗ, ਦਿਹਾਤੀ ਕਾਂਗਰਸ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਸ਼ਹਿਰੀ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੰਵਰਬੀਰ ਸਿੰਘ ਰੂਬੀ ਸਿੱਧੂ, ਸੂਬਾ ਜਨਰਲ ਸਕੱਤਰ ਉਦੈਵੀਰ ਸਿੰਘ ਢਿਲੋਂ ਨੇ ਵੀ ਸੰਬੋਧਨ ਕੀਤਾ। ਧਰਨੇ ਕਾਰਨ ਇਸ ਖੇਤਰ ਦੀ ਸਮੁੱਚੀ ਆਵਾਜਾਈ ਠੱਪ ਰਹੀ।
ਕੇਂਦਰ ਤੁਰੰਤ ਕਾਲੇ ਕਾਨੂੰਨ ਰੱਦ ਕਰੇ: ਸਿੱਧੂ
ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਪੰਜਾਬ ਦਾ ਕਿਸਾਨ ਪੂਰੇ ਦੇਸ਼ ਦੀ ਲੜਾਈ ਲੜ ਰਿਹਾ ਹੈ। ਕੇਂਦਰ ਸਰਕਾਰ ਨੂੰ ਆਪਣਾ ਹੱਠ ਤਿਆਗ ਕੇ ਕਿਸਾਨਾਂ ਦੀ ਮੰਗ ਅਨੁਸਾਰ ਤੁਰੰਤ ਕਾਲੇ ਕਾਨੂੰਨ ਰੱਦ ਕਰਨੇ ਚਾਹੀਦੇ ਹਨ।