ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਫਰਵਰੀ
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰਨ ਅਤੇ ਪੰਜਾਬ ਦੇ ਲੋਕਾਂ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਲੋਕਾਂ ਨੂੰ 14 ਫਰਵਰੀ ਨੂੰ ਵੋਟ ਪਾਉਣ ਤੋਂ ਪਹਿਲਾਂ ਕੈਪਟਨ ਸਰਕਾਰ ਦੇ ਝੂਠੇ ਵਾਅਦਿਆਂ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ, ਘਰ-ਘਰ ਰੁਜ਼ਗਾਰ ਦੇਣ ਅਤੇ ਚਾਰ ਹਫਤਿਆਂ ਵਿੱਚ ਨਸ਼ਿਆਂ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਦੇ ਚਾਰ ਸਾਲ ਬੀਤਣ ਦੇ ਬਾਵਜੂਦ ਮੁੱਖ ਮੰਤਰੀ ਨੇ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਸੂਬਾ ਪ੍ਰਧਾਨ ਨੇ ਕਿਹਾ ਕਿ ਲੋਕ ਹੁਣ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਚਾਲਾਂ ਤੋਂ ਚੰਗੀ ਤਰ੍ਹਾਂ ਜਾਣੂ ਹੋ ਚੁੱਕੇ ਹਨ। ਸੂਬੇ ਵਿਚ ਰੇਤ, ਨਸ਼ਾ ਤੇ ਹੋਰ ਮਾਫੀਆ ਘਟਣ ਦੀ ਥਾਂ ਜ਼ੋਰ ਫੜਦਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਥਾਨਕ ਚੋਣਾਂ ਵਿੱਚ ਜਿਸ ਤਰ੍ਹਾਂ ਪੰਜਾਬ ਦੇ ਲੋਕ ‘ਆਪ’ ਆਗੂਆਂ ਦੀਆਂ ਰੈਲੀਆਂ ਵਿੱਚ ਸ਼ਾਮਲ ਹੋ ਰਹੇ ਸਨ, ਉਸ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਨਗਰ ਕੌਂਸਲ ਚੋਣਾਂ ਵਿੱਚ ‘ਆਪ’ ਨੂੰ ਵੱਡੀ ਜਿੱਤ ਪ੍ਰਾਪਤ ਹੋਵੇਗੀ। ਇਸ ਵੇਲੇ ਲੋਕ ਪੁਰਾਣੀਆਂ ਪਾਰਟੀਆਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ। ‘ਆਪ’ ਆਗੂ ਨੇ ਕਿਹਾ ਕਿ ਕੈਪਟਨ ਅਤੇ ਕਾਂਗਰਸ ਪਾਰਟੀ ਚੋਣਾਂ ਜਿੱਤਣ ਲਈ ਗੁੰਡਿਆਂ ਦਾ ਸਹਾਰਾ ਲੈ ਰਹੀ ਹੈ ਅਤੇ ਲੋਕਾਂ ਨੂੰ ਡਰਾਉਣ ਲਈ ਹੰਗਾਮਾ ਕਰ ਰਹੀ ਹੈ ਜਿਸ ਕਰ ਕੇ ਪਾਰਟੀ ਨੇ ਰਾਜ ਚੋਣ ਕਮਿਸ਼ਨ ਨੂੰ ਕਈ ਵਾਰ ਸ਼ਿਕਾਇਤਾਂ ਕਰ ਕੇ ਨਿਰਪੱਖ ਚੋਣਾਂ ਕਰਾਉਣ ਦੀ ਅਪੀਲ ਕੀਤੀ ਹੈ।