ਰਾਜਮੀਤ ਸਿੰਘ
ਚੰਡੀਗੜ੍ਹ, 1 ਮਾਰਚ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਣਨੀਤੀ ਘਾੜੇ ਪ੍ਰਸ਼ਾਂਤ ਕਿਸ਼ੋਰ ਨੂੰ ਅੱਜ ਆਪਣਾ ਪ੍ਰਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਕਿਸ਼ੋਰ ਨੂੰ ਕੈਬਨਿਟ ਮੰਤਰੀ ਦਾ ਦਰਜਾ ਅਤੇ ਰੁਤਬਾ ਮਿਲੇਗਾ। ਹਾਲਾਂਕਿ ਪ੍ਰਸ਼ਾਂਤ ਕਿਸ਼ੋਰ ਤਨਖ਼ਾਹ ਵਜੋਂ ਇੱਕ ਰੁਪਏ ਮਾਣ-ਭੱਤਾ ਲੈਣਗੇ। ਮੁੱਖ ਮੰਤਰੀ ਕੈਪਟਨ ਅਤੇ ਕਾਂਗਰਸ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਸਮੇਂ ਵੀ ਪ੍ਰਸ਼ਾਂਤ ਕਿਸ਼ੋਰ ਨੂੰ ਆਪਣਾ ਰਣਨੀਤੀ ਘਾੜਾ ਨਿਯੁਕਤ ਕੀਤਾ ਸੀ। ਉਨ੍ਹਾਂ ਨੇ ਪਾਰਟੀ ਨੂੰ ਬਹੁਮੱਤ ਨਾਲ ਜਿਤਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਕਿਸ਼ੋਰ ਇਸ ਸਮੇਂ ਪੱਛਮੀ ਬੰਗਾਲ ਵਿੱਚ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਨਾਲ ਜੁੜੇ ਹੋਏ ਹਨ। ਉਨ੍ਹਾਂ ਵੱਲੋਂ ਪੱਛਮੀ ਬੰਗਾਲ ਮਗਰੋਂ ਪੰਜਾਬ ’ਤੇ ਧਿਆਨ ਕੇਂਦਰਤ ਕਰਨ ਦੀ ਉਮੀਦ ਕੀਤੀ ਜਾ ਰਹੀ ਹੈ। ਸਰਕਾਰੀ ਸੂਤਰਾਂ ਨੇ ਕਿਹਾ ਕਿ ਪ੍ਰਸ਼ਾਂਤ ਕਿਸ਼ੋਰ ਦਾ ਪਿਛਲੀਆਂ ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਤੇਜ਼ੀ ਨਾਲ ਪੂਰਾ ਕਰਨ ’ਤੇ ਧਿਆਨ ਕੇਂਦਰਤ ਹੈ।
ਮੁੱਖ ਮੰਤਰੀ ਨੇ ਸੰਕੇਤ ਦਿੱਤਾ ਹੈ ਕਿ ਉਹ ਇੱਕ ਹੋਰ ਕਾਰਜਕਾਲ ਲਈ ਚੋਣ ਲੜਨਗੇ। ਜਦੋਂਕਿ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ‘ਕੈਪਟਨ ਫਾਰ 2022’ ਮੁਹਿੰਮ ਦਾ ਐਲਾਨ ਕਰ ਚੁੱਕੇ ਹਨ। ਪ੍ਰਸ਼ਾਂਤ ਕਿਸ਼ੋਰ ਦੇ ਆਉਣ ਨਾਲ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਬਣਾਉਣ ਸਬੰਧੀ ਭਵਿੱਖੀ ਰਣਨੀਤੀ ਦਾ ਪਤਾ ਚੱਲਦਾ ਹੈ। ਪ੍ਰਸ਼ਾਂਤ ਨੇ ਸਰਕਾਰ ਨੂੰ ਪਿਛਲੀਆਂ ਚੋਣਾਂ ਦੌਰਾਨ ਕੀਤੇ ਮੁੱਖ ਵਾਅਦੇ ਪੂਰੇ ਕਰਨ ਦੀ ਸਲਾਹ ਦਿੱਤੀ ਹੈ।