ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੈਪਟਨ ਸਰਕਾਰ ’ਤੇ ਦੋਸ਼ ਲਾਇਆ ਹੈ ਕਿ ਉਹ ਕਰੋਨਾ ਦੀ ਦੂਜੀ ਲਹਿਰ ਨੂੰ ਰੋਕਣ ਲਈ ਅਸਰਦਾਰ ਕਦਮ ਚੁੱਕਣ ਵਿਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਕਰੋਨਾ ਦੀ ਸਥਿਤੀ ਵਿਗੜਣ ’ਤੇ ਹੁਣ ਸੂਬਾ ਸਰਕਾਰ ਨੇ ਸਖ਼ਤ ਕਦਮ ਚੁੱਕੇ ਹਨ ਅਤੇ ਪਾਬੰਦੀਆਂ ਲਾਉਂਦਿਆਂ ਹਫ਼ਤਾਵਾਰੀ ਤਾਲਾਬੰਦੀ ਕੀਤੀ ਹੈ। ਇਸ ਕਾਰਵਾਈ ਨੇ ਛੋਟੇ ਦੁਕਾਨਦਾਰਾਂ, ਸਬਜ਼ੀ ਵਾਲਿਆਂ, ਰਿਕਸ਼ਾ ਚਾਲਕਾਂ ਅਤੇ ਆਮ ਵਪਾਰੀਆਂ ਦੀ ਆਰਥਿਕ ਸਥਿਤੀ ਨੂੰ ਹੋਰ ਵੀ ਕਮਜ਼ੋਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਗਿਆਨੀਆਂ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਕਰੋਨਾ ਦੀ ਦੂਜੀ ਲਹਿਰ ਦੀ ਉਮੀਦ ਕੀਤੀ ਜਾ ਰਹੀ ਹੈ ਪਰ ਸੂਬਾ ਸਰਕਾਰ ਨੇ ਇਸ ਨੂੰ ਕਾਬੂ ਕਰਨ ਲਈ ਲੋੜੀਂਦੇ ਕਦਮ ਨਹੀਂ ਚੁੱਕੇ ਜਿਸ ਦਾ ਨਤੀਜਾ ਆਮ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਰਾਜ ਸਰਕਾਰ ਨੂੰ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਟੀਕੇ ਅਤੇ ਐਂਟੀਵਾਇਰਲ ਦਵਾਈਆਂ ਖ਼ਰੀਦਣ ਦੀ ਵੀ ਅਪੀਲ ਕੀਤੀ।