ਮੁੱਖ ਅੰਸ਼
- ‘ਕੈਪਟਨ ਦੋ ਘੰਟੇ ਕੰਮ ਕਰਦੇ ਸਨ ਅਤੇ ਮੈਂ ਸਿਰਫ਼ ਦੋ ਘੰਟੇ ਆਰਾਮ ਕਰਦਾ ਹਾਂ’
- ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਕੀਤਾ ਦਾਅਵਾ
ਆਤਿਸ਼ ਗੁਪਤਾ
ਚੰਡੀਗੜ੍ਹ, 4 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚੋਣ ਮੈਦਾਨ ਵਿੱਚ ਉਤਾਰ ਕੇ ਪਹਿਲਾਂ ਵਿਧਾਇਕ ਅਤੇ ਫੇਰ ਮੁੱਖ ਮੰਤਰੀ ਤੱਕ ਦੀ ਜ਼ਿੰਮੇਵਾਰੀ ਦਿੱਤੀ ਸੀ। ਅਜਿਹੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਨਾਲ ਸਹੀ ਨਹੀਂ ਕੀਤਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿੱਲੀ ਵਿੱਚ ਦੋ ਮੀਡੀਆ ਅਦਾਰਿਆਂ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਲ 2017 ’ਚ ਮੁੱਖ ਮੰਤਰੀ ਬਣਨ ਤੋਂ ਬਾਅਦ ਆਪਣੇ ਫਾਰਮ ਹਾਊਸ ਤੋਂ ਬਾਹਰ ਹੀ ਨਹੀਂ ਨਿਕਲੇ ਸਨ ਜੋ ਦਿਨ ਵਿੱਚ ਸਿਰਫ਼ ਦੋ ਘੰਟੇ ਕੰਮ ਕਰਦੇ ਸਨ ਜਦੋਂ ਕਿ ਉਹ ਦਿਨ ਵਿੱਚ ਸਿਰਫ਼ 2 ਘੰਟੇ ਆਰਾਮ ਅਤੇ 22 ਘੰਟੇ ਕੰਮ ਕਰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਦੇ ਅਜਿਹੇ ਰਵੱਈਏ ਕਰਕੇ ਹੀ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸੇ ਕਰਕੇ ਪਾਰਟੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਮੰਗ ਲਿਆ ਸੀ।
ਸ੍ਰੀ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਾਂ ਤੋਂ ਹੀ ਭਾਜਪਾ ਨਾਲ ਸਾਂਝ ਸੀ। ਉਨ੍ਹਾਂ ’ਤੇ ਇਸ ਬਾਰੇ ਕਈ ਵਾਰ ਦੋਸ਼ ਵੀ ਲੱਗਦੇ ਰਹੇ ਹਨ। ਕੈਪਟਨ ਵੱਲੋਂ ਨਵੀਂ ਪਾਰਟੀ ਬਣਾਉਣ ਤੋਂ ਬਾਅਦ ਭਾਜਪਾ ਨਾਲ ਮਿਲ ਕੇ ਚੋਣਾਂ ਲੜਨ ਦੇ ਐਲਾਨ ਨੇ ਉਕਤ ਸਾਰੇ ਦੋਸ਼ ਸਾਬਿਤ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨਾਲ ਪਾਰਟੀ ਦਾ ਕੋਈ ਵੀ ਵਿਧਾਇਕ ਨਹੀਂ ਗਿਆ ਹੈ ਕਿਉਂਕਿ ਸਾਰਿਆਂ ਨੂੰ ਦਿਖਾਈ ਦੇ ਰਿਹਾ ਹੈ ਕਿ ਕੈਪਟਨ ਨੇ ਪਾਰਟੀ ਨਾਲ ਗਲਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਵੀ ਸਾਰੀ ਸਿਆਸਤ ਸਮਝਦੇ ਹਨ ਅਤੇ ਉਹ ਵੀ ਕੈਪਟਨ ਨਾਲ ਕਦੇ ਨਹੀਂ ਜਾਣਗੇ। ਮੁੱਖ ਮੰਤਰੀ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਸ਼ੁਰੂਆਤੀ ਦਿਨਾਂ ਵਿੱਚ ਉਨ੍ਹਾਂ ਨੂੰ ਵੀ ਟਿਕਟ ਨਹੀਂ ਦਿੱਤੀ ਸੀ ਜਿਸ ਕਾਰਨ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਉਨ੍ਹਾਂ ਜਿੱਤ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਕਦੇ ਵੀ ਮੁੱਖ ਮੰਤਰੀ ਨਹੀਂ ਬਣਨਾ ਚਾਹੁੰਦੇ ਸਨ ਪਰ ਰਾਹੁਲ ਗਾਂਧੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਸਮੇਂ ਦੇ ਨਾਲ-ਨਾਲ ਸਿਆਸੀ ਪਾਰਟੀਆਂ ਵਿੱਚ ਵੀ ਵੱਡੀ ਤਬਦੀਲੀ ਹੋਈ ਹੈ, ਉਸੇ ਕਰਕੇ ਕਾਂਗਰਸ ਪਾਰਟੀ ਨੇ ਵੱਡੇ ਘਰਾਣੇ ਦੇ ਆਗੂਆਂ ਦੀ ਥਾਂ ਛੋਟੇ ਜਿਹੇ ਪਰਿਵਾਰ ਨਾਲ ਸਬੰਧਤ ਵਿਅਕਤੀ ਨੂੰ ਮੁੱਖ ਮੰਤਰੀ ਬਣਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਵੀ ਪਾਰਟੀ ਸਰਵੇਖਣ ਤੋਂ ਬਾਅਦ ਟਿਕਟਾਂ ਦਾ ਐਲਾਨ ਕੀਤਾ ਜਾਣਾ ਚਾਹੀਦਾ ਹੈ।