ਦਰਸ਼ਨ ਸਿੰਘ ਸੋਢੀ
ਮੁਹਾਲੀ, 5 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਝੂਠੇ ਦਾਅਵੇ ਅਤੇ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਇਸ਼ਤਿਹਾਰਬਾਜ਼ੀ ਰਾਹੀਂ ਕੀਤੇ ਜਾ ਰਹੇ ਝੂਠੇ ਪ੍ਰਚਾਰ ਦਾ ਭਾਂਡਾ ਭੰਨਣ ਲਈ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਅਕਾਲੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਝੂਠੇ ਲਾਰਿਆਂ ਅਤੇ ਦਾਅਵਿਆਂ ਦੇ ਘੜੇ ਭੰਨ ਕੇ ਨਾਅਰੇਬਾਜ਼ੀ ਕੀਤੀ।
ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਝੂਠੇ ਲਾਰਿਆਂ ਦਾ ਘੜਾ ਭਰ ਗਿਆ ਹੈ ਅਤੇ ਇਸ ਵਾਰ ਸੂਬੇ ਦੇ ਲੋਕ ਇਨ੍ਹਾਂ ਦੋਵਾਂ ਆਗੂਆਂ ਦੇ ਝੂਠੇ ਲਾਰਿਆਂ ਵਿੱਚ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਅੱਜ ਅਕਾਲੀ ਦਲ ਨੇ ਪੰਜਾਬ ਭਰ ਵਿੱਚ ਧਰਨੇ ਮੁਜ਼ਾਹਰੇ ਕਰ ਕੇ ਹੁਕਮਰਾਨਾਂ ਦੀ ਵਾਅਦਾਖ਼ਿਲਾਫ਼ੀ ਸਬੰਧੀ ਸੱਚ ਪ੍ਰਗਟ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਕੈਪਟਨ ਆਪਣੀ ਕਹਿਣੀ ਤੇ ਕਥਨੀ ਦੇ ਪੂਰੇ ਹੁੰਦੇ ਤਾਂ ਅੱਜ ਪੰਜਾਬ ਖ਼ੁਦ ਨੂੰ ਲੁੱਟਿਆ ਹੋਇਆ ਮਹਿਸੂਸ ਨਾ ਕਰਦਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੇ ਵਿਕਾਸ ਦੀ ਥਾਂ ਕਰੋੜਾ ਰੁਪਏ ਦੇ ਘਪਲੇ ਕੀਤੇ ਹਨ। ਜਿਨ੍ਹਾਂ ਵਿੱਚ ਬਹੁਕਰੋੜੀ ਵਜ਼ੀਫ਼ਾ ਘੁਟਾਲਾ, ਨਸ਼ਾ ਛੁਡਾਊਂ ਕੇਂਦਰ ਵਿੱਚ ਦਵਾਈ ਘੁਟਾਲਾ ਸਮੇਤ ਹੁਕਮਰਾਨ ਸਿਹਤ ਬੀਮਾ ਯੋਜਨਾ ਦਾ ਪੈਸਾ ਵੀ ਛਕ ਗਏ ਹਨ। ਇਹੀ ਨਹੀਂ ਹੁਕਮਰਾਨਾਂ ਨੇ ਹੁਣ ਨਾਜਾਇਜ਼ ਲੱਕੜ ਕੱਟ ਕੇ ਵੇਚਣੀ ਵੀ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਅਤੇ ਫਾਰਮ ਹਾਊਸ ਨੇੜਲੇ ਇਲਾਕੇ ਵਿੱਚ ਖ਼ੈਰ ਦੀ ਲੱਕੜ ਦੀ ਸ਼ਰ੍ਹੇਆਮ ਤਸਕਰੀ ਹੋ ਰਹੀ ਹੈ। ਕੇਂਦਰ ਜਾਣਬੁੱਝ ਕੇ ਪੰਜਾਬ ਦੇ ਅਧਿਕਾਰ ਖੇਤਰ ਵਿੱਚ ਸਿੱਧਾ ਦਖ਼ਲ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਨੂੰ ਪੰਜਾਬ ਦਾ ਦਰਦ ਹੈ ਤਾਂ ਉਹ ਪ੍ਰਧਾਨ ਮੰਤਰੀ ਦੀ ਅੱਖ ਵਿੱਚ ਅੱਖ ਪਾ ਕੇ ਦੋ ਟੁੱਕ ਗੱਲ ਕਰਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਦਿੱਲੀ ਨਾਲ ਮਿਲ ਕੇ ਦੋਸਤਾਨਾ ਮੈਚ ਖੇਡ ਰਹੇ ਹਨ ਅਤੇ ਆੜ੍ਹਤੀਆਂ ਨੂੰ ਝੂਠੇ ਦਿਲਾਸੇ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦਾ ਕੋਈ ਵਾਲੀ ਵਾਰਿਸ ਨਹੀਂ ਹੈ।
ਇਸ ਤੋਂ ਪਹਿਲਾਂ ਕਰਤਾਰ ਸਿੰਘ ਤਸਿੰਬਲੀ, ਸਤਿੰਦਰ ਸਿੰਘ ਗਿੱਲ, ਸਿਮਰਨਜੀਤ ਸਿੰਘ ਚੰਦੂਮਾਜਰਾ, ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਕੌਂਸਲਰ ਕਮਲਜੀਤ ਸਿੰਘ ਰੂਬੀ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਬਜੀਤ ਸਿੰਘ ਪਾਰਸ, ਕੈਪਟਨ ਰਮਨਦੀਪ ਸਿੰਘ ਬਾਵਾ, ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।