ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੀ ਬਜਾਏ ਰਾਜਘਾਟ ’ਤੇ ਇੱਕ ਹੋਰ ਡਰਾਮਾ ਕਰਨ ਜਾ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਕੈਪਟਨ ਦੇਸ਼ ਦੇ ਰਾਸ਼ਟਰਪਤੀ ਕੋਲੋਂ ਕਿਸ ਲਈ ਮੁਲਾਕਾਤ ਕਰਨ ਲਈ ਸਮਾਂ ਮੰਗ ਰਹੇ ਹਨ ਜਦਕਿ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਐੱਮਐੱਸਪੀ ’ਤੇ ਕਣਕ-ਝੋਨੇ ਸਮੇਤ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਫ਼ੈਸਲਾ ਪ੍ਰਧਾਨ ਮੰਤਰੀ ਦੇ ਹੱਥ ਹੈ। ਇਸ ਦੇ ਬਾਵਜੂਦ ਕੈਪਟਨ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਥਾਂ ਰਾਸ਼ਟਰਪਤੀ ਨੂੰ ਮਿਲਣ ਲਈ ਡਰਾਮੇਬਾਜ਼ੀ ਕਰ ਰਹੇ ਹਨ। ‘ਆਪ’ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਜਿਸ ਤਰ੍ਹਾਂ ਵਿਸ਼ੇਸ਼ ਸੈਸ਼ਨ ਰਾਹੀਂ ਪੰਜਾਬ ਅਤੇ ਵਿਰੋਧੀ ਧਿਰਾਂ ਨੂੰ ਧੋਖੇ ’ਚ ਰੱਖ ਕੇ ਕੇਂਦਰ ਦੇ ਕਾਲੇ ਕਾਨੂੰਨਾਂ ’ਚ ਹੀ ਫ਼ਰਜ਼ੀ ਸੋਧ ਦਾ ਡਰਾਮਾ ਕੀਤਾ ਹੈ। ਫਿਰ ਮਾਲ ਗੱਡੀਆਂ ਚਲਾਉਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਚਿੱਠੀ ਲਿਖ ਕੇ ਡਰਾਮਾ ਕੀਤਾ। ਉਸ ਤੋਂ ਬਾਅਦ ਫ਼ਰਜ਼ੀ ਅਤੇ ਨਿਕੰਮੇ ਕਾਨੂੰਨਾਂ ’ਤੇ ਰਾਜਪਾਲ ਪੰਜਾਬ ਦੇ ਦਸਤਖ਼ਤ ਹੋਏ ਬਗੈਰ ਰਾਸ਼ਟਰਪਤੀ ਕੋਲੋਂ ਮੁਲਾਕਾਤ ਦਾ ਸਮਾਂ ਮੰਗਣ ਦਾ ਡਰਾਮਾ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਕੈਪਟਨ ਨੂੰ ਮੋਦੀ ਨਾਲ ਮਿਲ ਕੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰਨ ਅਤੇ ਭੋਲੇ ਭਾਲੇ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਥਾਂ ਮੋਦੀ ਕੋਲੋਂ ਕਾਲੇ ਕਾਨੂੰਨ ਵਾਪਸ ਕਰਵਾ ਕੇ ਐੱਮਐੱਸਪੀ ’ਤੇ ਸਰਕਾਰੀ ਖ਼ਰੀਦ ਦੀ ਗਾਰੰਟੀ ਯਕੀਨੀ ਬਣਾਉਣ।