ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 20 ਸਤੰਬਰ
ਬੇਅਦਬੀ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕਰਨ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਪੱਸ਼ਟੀਕਰਨ ਦੇਣ ਲਈ ਅੱਜ ਅਕਾਲ ਤਖ਼ਤ ਪਹੁੰਚਣ ਦਾ ਹੁਕਮ ਦਿੱਤਾ ਸੀ ਪਰ ਕੈਪਟਨ ਹਾਜ਼ਰ ਨਹੀਂ ਹੋਏ। ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਮੰਡ ਨੇ ਕਿਹਾ ਕਿ ਪੰਥਕ ਰਵਾਇਤਾਂ ਮੁਤਾਬਕ ਕੈਪਟਨ ਨੂੰ ਆਪਣਾ ਪੱਖ ਰੱਖਣ ਲਈ ਇੱਕ ਹੋਰ ਮੌਕਾ ਦਿੱਤਾ ਗਿਆ ਹੈ, ਜਿਸ ਤਹਿਤ ਉਨ੍ਹਾਂ ਨੂੰ ਚਾਰ ਅਕਤੂਬਰ ਨੂੰ ਅਕਾਲ ਤਖ਼ਤ ’ਤੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਹੈ।