ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਮਾਰਚ
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਚਾਰ ਸਾਲਾਂ ਦੌਰਾਨ ਵਾਅਦਿਆਂ ਤੋਂ ਮੁਕਰਨ ਤੋਂ ਬਿਨਾਂ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਸ ਵਿਕਾਸ ਦੀਆਂ ਕੈਪਟਨ ਅਮਰਿੰਦਰ ਸਿੰਘ ਗੱਲਾਂ ਕਰਦੇ ਹਨ ਉਹ ਸਿਰਫ਼ ਸਿਸਵਾਂ ਫਾਰਮ ਹਾਊਸ ਦੁਆਲੇ ਹੀ ਦਿਖਾਈ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਨੇ ਅੱਜ ਖੁਦ ਮੰਨ ਲਿਆ ਹੈ ਕਿ ਉਨ੍ਹਾਂ ਪੰਜਾਬ ’ਚੋਂ ਨਸ਼ਾ ਖਤਮ ਕਰਨ ਦੀ ਥਾਂ ਸਿਰਫ ਨਸ਼ੇ ਦਾ ਲੱਕ ਤੋੜਨ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਜੋ ਮਾਫੀਆ ਅਕਾਲੀਆਂ ਨੇ ਚਲਾਇਆ ਸੀ ਅੱਜ ਉਸ ਮਾਫੀਏ ਦਾ ਸਰਗਣਾ ਕੈਪਟਨ ਅਮਰਿੰਦਰ ਸਿੰਘ ਬਣਿਆ ਹੋਇਆ ਹੈ। ਕੈਪਟਨ ਨੇ ਜੋ ਚੋਣਾਂ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕਿਸੇ ਨੂੰ ਸਜ਼ਾ ਨਹੀਂ ਮਿਲੀ। ਕਾਂਗਰਸ ਨੇ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ।
ਸ੍ਰੀ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਜੋ ਚੋਣ ਮੈਨੀਫੈਸਟੋ ਨੂੰ 85 ਫੀਸਦੀ ਪੂਰਾ ਕਰਨਾ ਦੱਸ ਰਹੇ ਹਨ, ਅਸਲ ਵਿੱਚ ਉਹ 0.85 ਫੀਸਦੀ ਵਾਅਦੇ ਪੂਰੇ ਕੀਤੇ ਹਨ। ਬਿਜਲੀ ਦੀਆਂ ਦੀਆਂ ਕੀਮਤਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਪੰਜਾਬ ਵਿੱਚ ਲਾਅ ਐਂਡ ਆਰਡਰ ਨੂੰ ਵੀ ਲਾਗੂ ਕਰਨ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਜਦੋਂ 2022 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਝੂਠੇ ਅੰਕੜਿਆਂ ਦੀ ਖੇਡ ਨਾਲ ਕੈਪਟਨ ਅਮਰਿੰਦਰ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੇ ਹਨ।
ਕੈਪਟਨ ਵੱਲੋਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਦੇ ਦਾਅਵੇ ਝੂਠ ਦਾ ਪੁਲੰਦਾ: ਅਸ਼ਵਨੀ ਸ਼ਰਮਾ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਦੇ ਚਾਰ ਸਾਲਾਂ ਦੇ ਕਾਰਜਕਾਲ ਲਈ ਪੇਸ਼ ਕੀਤੀਆਂ ਪ੍ਰਾਪਤੀਆਂ ’ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ’ਚ ਨਾ ਤਾਂ ਨਸ਼ੇ ਖਤਮ ਹੋਏ ਹਨ ਤੇ ਨਾ ਹੀ ਕਿਸਾਨਾਂ ਦਾ ਕਰਜ਼ਾ ਮੁਆਫ਼ ਹੋਇਆ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਲੀਹ ਤੋਂ ਲੱਥ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਮੁਤਾਬਿਕ 85 ਫ਼ੀਸਦੀ ਵਾਅਦੇ ਪੂਰੇ ਕੀਤੇ ਹਨ, ਪਰ ਜ਼ਮੀਨੀ ਹਕੀਕਤ ਵਿੱਚ ਅਜਿਹਾ ਕੁਝ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਦਯੋਗਪਤੀ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਨਹੀਂ ਹੈ ਤੇ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਰਾਸ਼ਟਰੀ ਔਸਤ ਤੋਂ ਹੇਠਾਂ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮਾਫ਼ੀਆ ’ਤੇ ਕੈਪਟਨ ਨੂੰ ਲਗਾਮ ਲਗਾਉਣੀ ਚਾਹੀਦੀ ਹੈ।
ਵਾਅਦੇ ਪੂਰੇ ਕਰਨ ’ਚ ਫੇਲ੍ਹ ਰਹਿਣ ’ਤੇ ਕੈਪਟਨ ਅਸਤੀਫ਼ਾ ਦੇਵੇ: ਅਕਾਲੀ ਦਲ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸਹੁੰ ਖਾ ਕੇ ਵਾਅਦਿਆਂ ਤੋਂ ਮੁੱਕਰਨ ਦੇ ਦੋਸ਼ ਲਾਉਂਦਿਆਂ ਉਨ੍ਹਾਂ ਦਾ ਅਸਤੀਫ਼ਾ ਮੰਗਿਆ ਹੈ। ਕੈਪਟਨ ਸਰਕਾਰ ਦੇ ਚਾਰ ਸਾਲ ਮੁਕੰਮਲ ਹੋਣ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਦੇ ਚਾਰ ਸਾਲਾਂ ਦੇ ਕਾਰਜ ਕਾਲ ਦੌਰਾਨ ਭ੍ਰਿਸ਼ਟਾਚਾਰ, ਘੁਟਾਲੇ, ਕੁਸ਼ਾਸਨ ਤੇ ਅਮਨ-ਕਾਨੂੰਨ ਪ੍ਰਬੰਧ ਢਹਿ ਢੇਰੀ ਹੋਣ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਨਸ਼ੇ ਖਤਮ ਕਰਨ ਤੇ ਨੌਜਵਾਨਾਂ ਨੁੰ ਰੁਜ਼ਗਾਰ ਦੇਣ ਵਿੱਚ ਫੇਲ੍ਹ ਹੋਣ ਦੀ ਗੱਲ ਕਬੂਲਣ ਮਗਰੋਂ ਨੈਤਿਕ ਤੌਰ ’ਤੇ ਅਸਤੀਫ਼ਾ ਦੇਣਾ ਚਾਹੀਦਾ ਹੈ। ਅਕਾਲੀ ਆਗੂ ਨੇ ਮੁੱਖ ਮੰਤਰੀ ਵੱਲੋਂ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਵਿੱਚੋਂ 85 ਫ਼ੀਸਦੀ ਪੂਰੇ ਕਰਨ ਦੇ ਦਾਅਵੇ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਚੋਣ ਮਨੋਰਥ ਪੱਤਰ ਵਿੱਚ ਦਰਜ ਵਾਅਦਿਆਂ ਵਿੱਚੋਂ 5 ਫ਼ੀਸਦੀ ਵੀ ਪੂਰੇ ਨਹੀਂ ਹੋਏ।