ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨ ਦੀ ਬਜਾਏ ਰਾਜਘਾਟ ’ਤੇ ਇੱਕ ਹੋਰ ਡਰਾਮਾ ਕਰਨ ਜਾ ਰਹੇ ਹਨ। ਸ੍ਰੀ ਮਾਨ ਨੇ ਕਿਹਾ ਕਿ ਕੈਪਟਨ ਦੇਸ਼ ਦੇ ਰਾਸ਼ਟਰਪਤੀ ਕੋਲੋਂ ਕਿਸ ਲਈ ਮੁਲਾਕਾਤ ਕਰਨ ਲਈ ਸਮਾਂ ਮੰਗ ਰਹੇ ਹਨ ਜਦਕਿ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਐੱਮਐੱਸਪੀ ’ਤੇ ਕਣਕ-ਝੋਨੇ ਸਮੇਤ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਫ਼ੈਸਲਾ ਪ੍ਰਧਾਨ ਮੰਤਰੀ ਦੇ ਹੱਥ ਹੈ। ਇਸ ਦੇ ਬਾਵਜੂਦ ਕੈਪਟਨ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਥਾਂ ਰਾਸ਼ਟਰਪਤੀ ਨੂੰ ਮਿਲਣ ਲਈ ਡਰਾਮੇਬਾਜ਼ੀ ਕਰ ਰਹੇ ਹਨ।