ਚੰਡੀਗੜ੍ਹ, 7 ਦਸੰਬਰ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਭਾਜਪਾ ਆਗੂ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕੀਤੀ ਗਈ। ਪਤਾ ਲੱਗਾ ਹੈ ਕਿ ਦੋਹਾਂ ਵਿਚਾਲੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਹੋਈ। ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪੰਜਾਬ ਚੋਣਾਂ ਲਈ ਭਾਜਪਾ ਦੇ ਇੰਚਾਰਜ ਹਨ। ਇਹ ਮੀਟਿੰਗ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਵਿੱਚ ਹੋਈ। ਇਸ ਮੌਕੇ ਸ੍ਰੀ ਸ਼ੇਖਾਵਤ ਨੇ ਟਵੀਟ ਕਰਦਿਆਂ ਕਿਹਾ ਕਿ ਦੋਹਾਂ ਵਿਚਾਲੇ ਪੰਜਾਬ ਦੇ ਸਿਆਸੀ ਮਾਹੌਲ ਬਾਰੇ ਚਰਚਾ ਹੋਈ। ਸੂਤਰਾਂ ਅਨੁਸਾਰ ਇਕ ਘੰਟਾ ਚਲੀ ਇਸ ਮੀਟਿੰਗ ਦੌਰਾਨ ਵਿਧਾਨ ਸਭਾ ਚੋਣਾਂ ਬਾਰੇ ਵੀ ਦੋਹਾਂ ਆਗੂਆਂ ਵਿਚਕਾਰ ਗੱਲਬਾਤ ਹੋਈ। ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸ਼ਨਿਚਰਵਾਰ ਨੂੰ ਕਿਹਾ ਸੀ ਕਿ ਪੰਜਾਬ ਚੋਣਾਂ ਲਈ ਗੱਠਜੋੜ ਬਣਾਉਣ ਵਾਸਤੇ ਭਾਜਪਾ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਹੋ ਰਹੀ ਹੈ। ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਲੋਕ ਕਾਂਗਰਸ ਨਾਂ ਦੀ ਪਾਰਟੀ ਬਣਾ ਲਈ ਸੀ। -ਪੀਟੀਆਈ