ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 6 ਨਵੰਬਰ
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਬਜ਼ਰਵਰ ਸੁਰਜੀਤ ਸਿੰਘ ਰੱਖੜਾ ਨੇ ਅੱਜ ਇੱਥੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਚੀਮਾ ਦੇ ਗੁਰਦੁਆਰਾ ਫ਼ਤਹਿਗੜ੍ਹ੍ਵ ਸਾਹਿਬ ਵਿਚ ਹੋਏ ਤਾਜਪੋਸ਼ੀ ਸਮਾਗਮ ਮੌਕੇ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਬਿੱਲਾਂ ਅਤੇ ਪੰਜਾਬ ਦੇ ਪਾਣੀਆਂ ਪ੍ਰਤੀ ਸੁਹਿਰਦ ਨਹੀਂ ਹਨ। ਉਨ੍ਹਾਂ ਕਿਹਾ ਕਿ ਖੇਤੀ ਬਿੱਲਾਂ ਵਿਚ ਸੋਧ ਦੀ ਗੱਲ ਕਰਨ ਦੀ ਥਾਂ ਉਸ ਨੂੰ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦੀ ਗੱਲ ਕਰਨੀ ਚਾਹੀਦੀ ਸੀ ਅਤੇ ਅਜਿਹਾ ਨਾ ਕੀਤੇ ਜਾਣ ਕਾਰਨ ਹੀ ਅਕਾਲੀ ਦਲ ਨੇ ਦਿੱਲੀ ਵਿਚ ਰਾਸ਼ਟਰਪਤੀ ਨੂੰ ਮਿਲਣ ਦੇ ਪ੍ਰੋਗਰਾਮ ਵਿਚ ਸ਼ਮੂਲੀਅਤ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਮੋਦੀ ਸਰਕਾਰ ਨੇ ਧੱਕੇਸ਼ਾਹੀਆਂ ਦਾ ਨਵਾਂ ਇਤਿਹਾਸ ਰਚਿਆ ਹੈ ਅਤੇ ਪੰਜਾਬ ਵਿਚ ਭ੍ਰਿਸ਼ਟਾਚਾਰ ਨੇ ਪਿਛਲੇ ਸਾਰੇ ਰਿਕਾਰਡ ਮਾਤ ਕਰ ਦਿੱਤੇ ਹਨ। ਪੰਜਾਬ ਦੀ ਪਿਛਲੀ ਅਕਾਲੀ ਸਰਕਾਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਹਰ ਵਰਗ ਨੂੰ ਜਿੱਥੇ ਸਹੂਲਤਾਂ ਦਿੱਤੀਆਂ, ਉੱਥੇ ਕਿਸਾਨ ਅਤੇ ਅਨੁਸੂਚਿਤ ਜਾਤੀ ਨੂੰ ਬਿਜਲੀ ਦੀ ਮੁਫ਼ਤ ਸਹੂਲਤ ਅਤੇ ਧਾਰਮਿਕ ਤੇ ਸਮਾਜਿਕ ਪੱਧਰ ’ਤੇ ਅਹਿਮ ਦੇਣ ਦਿੱਤੀ, ਜਦੋਂਕਿ ਵਿਕਾਸ ਕਾਰਜਾਂ ਦਾ ਇੱਕ ਨਵਾਂ ਇਤਿਹਾਸ ਰਚਿਆ ਪਰ ਕਾਂਗਰਸ ਸਰਕਾਰ ਦੇ 4 ਸਾਲ ਬੀਤ ਜਾਣ ਦੇ ਬਾਵਜੂਦ ਮੁੱਖ ਮੰਤਰੀ ਨੇ ਗੁਟਕਾ ਸਾਹਿਬ ’ਤੇ ਹੱਥ ਰੱਖ ਕੇ ਚੁੱਕੀ ਸਹੁੰ ’ਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ, ਜਿਸ ਲਈ ਉਨ੍ਹਾਂ ਵਰਕਰਾਂ ਨੂੰ ਹੁਣ ਤੋਂ ਹੀ ਤਿਆਰੀਆਂ ਵਿੱਢਣ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਹਾ ਜਥੇਦਾਰ ਜਗਦੀਪ ਸਿੰਘ ਚੀਮਾ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਹਰ ਸੰਭਵ ਯਤਨ ਕਰਦੇ ਰਹਿਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਮੰਤਰੀ ਰਣਧੀਰ ਸਿੰਘ ਚੀਮਾ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ, ਹਲਕਾ ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ, ਗੁਰਮੀਤ ਸਿੰਘ ਸੋਨੂੰ ਚੀਮਾ, ਸ਼੍ਰੋਮਣੀ ਕਮੇਟੀ ਮੈਂਬਰ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ, ਮਨਮੋਹਣ ਸਿੰਘ ਮਕਾਰੋਂਪੁਰ, ਇੰਦਰਜੀਤ ਸਿੰਘ ਸੰਧੂ, ਪ੍ਰਦੀਪ ਸਿੰਘ ਕਲੌੜ, ਕਰਮਜੀਤ ਸਿੰਘ ਭਗੜਾਣਾ, ਮੱਖਣ ਸਿੰਘ ਲਾਲਕਾ, ਮਲਕੀਤ ਸਿੰਘ ਮਠਾੜੂ, ਠੇਕੇਦਾਰ ਸੁਰਿੰਦਰ ਸਿੰਘ ਸਲਾਣਾ, ਜਤਿੰਦਰ ਸਿੰਘ ਚੈਰੀ ਅਤੇ ਕਮਲਜੀਤ ਸਿੰਘ ਗਿੱਲ ਆਦਿ ਨੇ ਵਿਚਾਰ ਪੇਸ਼ ਕੀਤੇ ਅਤੇ ਵਧਾਈ ਦਿੱਤੀ। ਇੱਥੇ ਵਰਨਣਯੋਗ ਹੈ ਕਿ ਸਾਬਕਾ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਚਨਾਰਥਲ ਇਸ ਸਮਾਗਮ ’ਚੋਂ ਗ਼ੈਰ ਹਾਜ਼ਰ ਰਹੇ।
ਇਸ ਮੌਕੇ ਹੋਰਾਂ ਸਮੇਤ ਸਰਕਲ ਅਮਲੋਹ ਦੇ ਪ੍ਰਧਾਨ ਜਥੇਦਾਰ ਹਰਬੰਸ ਸਿੰਘ ਬਡਾਲੀ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਹੁੰਦਲ, ਕੈਪਟਨ ਜਸਵੰਤ ਸਿੰਘ ਬਾਜਵਾ, ਕੁਲਦੀਪ ਸਿੰਘ ਮੁੱਢੜੀਆ, ਭੁਪਿੰਦਰ ਸਿੰਘ ਹਾਂਸ, ਹਰਿੰਦਰ ਸਿੰਘ ਕੁੱਕੀ ਆਦਿ ਹਾਜ਼ਰ ਸਨ।