ਚੰਡੀਗੜ੍ਹ (ਟਨਸ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਈਪੀਐੱਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤਾ ਅਸਤੀਫ਼ਾ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਆਪਣੀ ਇਸ ਪੇਸ਼ਕਦਮੀ ਨਾਲ ਸਾਫ਼ ਕਰ ਦਿੱਤਾ ਕਿ ਉਹ ਬੇਅਦਬੀ ਕਾਂਡ ਤੇ ਕੋਟਕਪੂਰਾ ਗੋਲੀ ਕਾਂਡ ਦੀ ਤਫ਼ਤੀਸ਼ ਕਰਨ ਵਾਲੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਪਿੱਠ ’ਤੇ ਖੜ੍ਹੇ ਹਨ। ਮੁੱਖ ਮੰਤਰੀ ਨੇ ਅੱਜ ਪੁਲੀਸ ਅਧਿਕਾਰੀ ਦੀ ਮੁੜ ਪਿੱਠ ਥਾਪੜੀ। ਨਾਰਾਜ਼ ਪੁਲੀਸ ਅਧਿਕਾਰੀ ਨੇ ਅੱਜ ਵਧੀਕ ਮੁੱਖ ਸਕੱਤਰ (ਗ੍ਰਹਿ) ਤੇ ਡੀਜੀਪੀ ਨੂੰ ਅਸਤੀਫਾ ਪੱਤਰ ਭੇਜ ਕੇ ਸਰਵਿਸ ਤੋਂ ਪਹਿਲਾਂ ਸੇਵਾ ਮੁਕਤੀ ਮੰਗੀ ਸੀ। ਮੁੱਖ ਮੰਤਰੀ ਨੇ ਅਸਤੀਫ਼ੇ ਨਾਲ ਅਸਹਿਮਤੀ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੁਲੀਸ ਅਧਿਕਾਰੀ ਤੇ ਉਸ ਦੀ ਟੀਮ ਨੇ ਕੋਟਕਪੂਰਾ ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰਨ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਪਿਛਲੇ ਚਾਰ ਸਾਲਾਂ ਤੋਂ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਜਾਂਚ ਤਰਕਪੂਰਨ ਸਿੱਟੇ ’ਤੇ ਲਿਆਂਦੀ ਜਾਵੇਗੀ।ਮੁੱਖ ਮੰਤਰੀ ਨੇ ਪੁਲੀਸ ਅਧਿਕਾਰੀ ਦੀ ਇੱਛੁਕ ਸੇਵਾ-ਮੁਕਤੀ (ਵੀਆਰਐੱਸ) ਦੀ ਅਪੀਲ ਨੂੰ ਰੱਦ ਕਰਦਿਆਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਸਮਰੱਥ ਤੇ ਕੁਸ਼ਲ ਅਫਸਰ ਹਨ, ਜਿਨ੍ਹਾਂ ਦੀਆਂ ਸੇਵਾਵਾਂ ਦੀ ਸਰਹੱਦੀ ਸੂਬੇ ਨੂੰ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖਾਸ ਕਰਕੇ ਅਜਿਹੇ ਸਮਰੱਥ ਅਧਿਕਾਰੀ ਦੀਆਂ ਸੇਵਾਵਾਂ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ ਜਦੋਂ ਪੰਜਾਬ ਨੂੰ ਅੰਦਰੂਨੀ ਤੇ ਬਾਹਰੀ ਵੱਖ ਵੱਖ ਖ਼ਤਰੇ ਦਰਪੇਸ਼ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਅਫ਼ਸਰ ਦੇ ਤਜਰਬੇ ਅਤੇ ਮੁਹਾਰਤ ਦੀ ਲੋੜ ਹੈ ਅਤੇ ਪੁਲੀਸ ਅਧਿਕਾਰੀ ਨੇ ਪੰਜਾਬ ਪੁਲੀਸ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ ’ਤੇ ਰਹਿੰਦਿਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਕੁਸ਼ਲ, ਕਾਬਲ ਤੇ ਦਲੇਰ ਅਫਸਰ ਹੈ, ਜਿਸ ਦਾ ਮਿਸਾਲੀ ਟਰੈਕ ਰਿਕਾਰਡ ਹੈ। ਮੁੱਖ ਮੰਤਰੀ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ’ਚ ਦਿੱਤੇ ਹੁਕਮਾਂ ਦੇ ਹਵਾਲੇ ਨਾਲ ਕਿਹਾ ਕਿ ਉਨ੍ਹਾਂ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਸਿੱਟ’ ਦੇ ਮੁਖੀ ਵਜੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕਿਸੇ ਵੀ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ।